ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਲਈ ਚੁੱਕੇ ਕਦਮ ਦੀ ਕੀਤੀ ਨਿਖੇਧੀ
ਚੰਡੀਗੜ੍ਹ, 7 ਫਰਵਰੀ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿਚ ਸੋਧ ਕਰ ਕੇ ਬੋਰਡ ਦੇ ਪੁਨਰਗਠਨ ਲਈ ਚੁੱਕੇ ਕਦਮ ਨੂੰ ਸਿੱਖ ਕੌਮ ਲਈ ਮਾਰੂ ਕਰਾਰ ਦਿੱਤਾ ਹੈ ਅਤੇ ਇਸਨੁੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਕਦਮ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ ਤੇ ਇਹ ਫੌਰੀ ਵਾਪਸ ਲਈ ਜਾਣੀ ਚਾਹੀਦੀ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਨੇ ਬੋਰਡ ਦੇ 17 ਵਿਚੋਂ 12 ਮੈਂਬਰ ਸਿੱਧੇ ਨਾਮਜ਼ਦ ਕਰਨ ਦਾ ਰਾਹ ਚੁਣਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਂਦੇ 4 ਮੈਂਬਰਾਂ ਦੀ ਗਿਣਤੀ ਘਟਾ ਕੇ 2 ਕਰ ਦਿੱਤੀ ਗਈ ਹੈ ਤੇ ਚੀਫ ਖਾਲਸਾ ਦੀਵਾਨ ਅਤੇ ਹਜ਼ੂਰੀ ਸੱਚਖੰਡ ਦੀਵਾਨ ਦੀ ਮੈਂਬਰੀ ਖਾਰਜ ਕਰ ਦਿੱਤੀ ਗਈ ਹੈ।ਇਸੇ ਤਰੀਕੇ ਪਹਿਲਾਂ ਦੋ ਸਿੱਖ ਐਮ ਪੀ ਬੋਰਡ ਦੇ ਮੈਂਬਰ ਹੁੰਦੇ ਸਨ, ਇਸ ਸੋਧ ਰਾਹੀਂ ਉਹਨਾਂ ਨੂੰ ਵੀ ਇਸ ਹੱਕ ਤੋਂ ਵਾਂਝਾ ਕਰ ਦਿੱਤਾ ਗਿਆ ਹੈ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਏਕਨਾਥ ਸ਼ਿੰਦੇ ਸਰਕਾਰ ਧੱਕੇ ਨਾਲ ਗੁਰਦੁਆਰਾ ਬੋਰਡ ’ਤੇ ਆਪਣਾ ਕੰਟਰੋਲ ਕਰਨਾ ਚਾਹੁੰਦੀ ਹੈ ਜੋ ਸਿੱਖ ਸੰਗਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।