ਪੰਜਾਬ ਮੁੱਖ ਖ਼ਬਰ ਰਾਜਨੀਤੀ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ
  • PublishedFebruary 10, 2024

ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ

ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ

‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ

ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ

ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ

ਖੰਨਾ (ਲੁਧਿਆਣਾ), 10 ਫਰਵਰੀ 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ।

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।

Written By
The Punjab Wire