ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਰਾਜਪਾਲ ਵੱਲੋਂ ਸਰਹੱਦੀ ਖੇਤਰਾਂ ਦਾ 6ਵਾਂ ਦੌਰਾ

ਪੰਜਾਬ ਦੇ ਰਾਜਪਾਲ ਵੱਲੋਂ ਸਰਹੱਦੀ ਖੇਤਰਾਂ ਦਾ 6ਵਾਂ ਦੌਰਾ
  • PublishedFebruary 12, 2024

ਚੰਡੀਗੜ੍ਹ, 12 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 20 ਫ਼ਰਵਰੀ ਤੋਂ 23 ਫ਼ਰਵਰੀ 2024 ਤੱਕ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਪਿਛਲੇ ਢਾਈ ਸਾਲਾਂ ਦੌਰਾਨ ਇਹ ਉਹਨਾਂ ਵੱਲੋਂ ਸਰਹੱਦੀ ਖੇਤਰਾਂ ਦੀ ਛੇਵੀਂ ਫੇਰੀ ਹੈ।

ਆਪਣੀ ਆਗਾਮੀ ਫੇਰੀ ਦੌਰਾਨ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਉਹਨਾਂ ਦੇ ਦੌਰੇ ਦੌਰਾਨ ਕੇਂਦਰੀ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਾ ਸ਼ਾਮਲ ਹੈ ਤਾਂ ਜੋ ਉਹਨਾਂ ਵੱਲੋਂ ਕੀਤੇ ਪਿਛਲੇ ਦੌਰੀਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਹਾਲ ਹੀ ਦੇ ਸਮੇਂ ਦੌਰਾਨ ਸਾਹਮਣੇ ਆ ਰਹੇ ਨਵੇਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ।

ਇਨ੍ਹਾਂ ਮੀਟਿੰਗਾਂ ਦਾ ਮੁੱਖ ਧਿਆਨ ਸਰਹੱਦੀ ਬੁਨਿਆਦੀ ਢਾਂਚੇ, ਸੁਰੱਖਿਆ, ਤਸਕਰੀ ਅਤੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦਰਮਿਆਨ ਤਾਲਮੇਲ ਵਧਾਉਣ ‘ਤੇ ਹੋਵੇਗਾ।

ਰਾਜਪਾਲ ਦੇ ਏਜੰਡੇ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਨਾਲ ਗੱਲਬਾਤ ਕਰਨਾ ਵੀ ਸ਼ਾਮਲ ਹੈ, ਜਿਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹਨਾਂ ਰੁਝੇਵਿਆਂ ਦਾ ਉਦੇਸ਼ ਵੱਖ-ਵੱਖ ਜਨਤਕ ਨੁਮਾਇੰਦਿਆਂ ਅਤੇ ਪ੍ਰੈਸ ਤੋਂ ਜ਼ਮੀਨੀ ਪੱਧਰ ਦੇ ਜਾਨਕਾਰੀ ਅਤੇ ਫੀਡਬੈਕ ਇਕੱਠਾ ਕਰਨਾ ਹੈ, ਜਿਸ ਨਾਲ ਸਰਹੱਦੀ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਪੱਧਰਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਸ ਮਹੱਤਵਪੂਰਨ ਸਰਹੱਦੀ ਦੌਰੇ ਦੌਰਾਨ ਪੰਜਾਬ ਦੇ ਮੁੱਖ ਸਕੱਤਰ, ਡਾਇਰੈਕਟਰ ਜਨਰਲ ਆਫ਼ ਪੁਲਿਸ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਫੌਜ, ਕੌਮੀ ਜਾਂਚ ਏਜੰਸੀ (ਐਨ.ਆਈ.ਏ.), ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਦੇ ਮੁਖੀਆਂ ਅਤੇ ਹਰੇਕ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਦੇ ਨਾਲ-ਨਾਲ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ।

Written By
The Punjab Wire