Close

Recent Posts

ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਤ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਤ
  • PublishedFebruary 13, 2024

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅਲਟਰਾਸਾਊਂਡ ਮਸ਼ੀਨ ਦਾ ਉਦਘਾਟਨ

ਗੁਰਦਾਸਪੁਰ, 13 ਫਰਵਰੀ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਸਦਕਾ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਮਸੀਹ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ|

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਅਲਟਰਾਸਾਊਂਡ ਮਸ਼ੀਨ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ ਜਿਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਦੀ ਸਰਕਾਰ ਕੋਲ ਨਿੱਜੀ ਪੈਰਵੀ ਕਰਕੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਿਵਲ ਹਸਪਤਾਲ ‘ਚ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਅਲਟਰਾਸਾਊਂਡ ਮਸ਼ੀਨ ਲੱਗਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਜੇ.ਐੱਸ.ਐੱਸ.ਕੇ. ਕਾਰਯਕਰਮ ਅਧੀਨ ਗਰਭਵਤੀ ਮਹਿਲਾਵਾਂ ਦਾ ਅਲਟਰਾਸਾਊਂਡ ਸਕੈਨ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਨੂੰ ਅਲਟਰਾਸਾਊਂਡ ਕਰਵਾਉਣ ਲਈ ਨਿੱਜੀ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਲਗਭਗ 5 ਲੱਖ ਦੀ ਲਾਗਤ ਨਾਲ 2 ਆਪ੍ਰੇਸ਼ਨ ਥੀਏਟਰ ਲਾਈਟਾਂ, 1 ਓਟੀ ਟੇਬਲ ਅਤੇ ਵਾਸ਼ਿੰਗ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਇਕ ਜਨਰਲ ਐਨੇਸਥੇਸੀਆ ਵਰਕ ਸਟੇਸ਼ਨ ਵੀ ਉਪਲਬਧ ਕਰਵਾਇਆ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਸਰਕਾਰੀ‌ ਸਿਹਤ ਸੰਸਥਾਵਾਂ ਵਿੱਚ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਹੁਣ ਨਵੀਂ ਅਲਟਰਾਸਾਊਂਡ ਮਸ਼ੀਨ ਆਉਣ ਨਾਲ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਦਵਾਈਆਂ ਦੀ ਸਹੂਲਤ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਉਹ ਆਈ.ਸੀ.ਯੂ ਵਿੱਚ ਜਾ ਕੇ ਮਰੀਜ਼ਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ| ਮਰੀਜ਼ਾਂ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਗਈਆਂ ਸਾਰੀਆਂ ਦਵਾਈਆਂ ਹੁਣ ਹਸਪਤਾਲ ਵਿੱਚ ਬਿਲਕੁਲ ਮੁਫ਼ਤ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

Written By
The Punjab Wire