ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਭਗਵੰਤ ਸਿੰਘ ਮਾਨ ਸਰਕਾਰ : ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 13 ਫਰਵਰੀ 2024 (ਦੀ ਪੰਜਾਬ ਵਾਇਰ) । ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪਹਿਲਕਦਮੀ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਪਸਨਾਵਾਲ, ਹਵੇਲੀ ਹਾਰਨੀ, ਸਠਿਆਲੀ, ਭੈਰੋ ਹਾਰਨੀ, ਭਿਖਾਰੀ ਹਾਰਨੀ ਅਤੇ ਦੁੱਲ਼ੂਆਣਾ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਸ. ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇੱਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੈ ਅਤੇ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਡਾ. ਜਸਪਾਲ ਸਿੰਘ ਪੰਧੇਰ, ਚੇਅਰਮੈਨ ਮੋਹਨ ਸਿੰਘ, ਲਖਵਿੰਦਰ ਸਿੰਘ, ਭਾਨੂ ਪ੍ਰਤਾਪ ਸਿੰਘ, ਸੋਹਣ ਸਿੰਘ, ਗੁਰਨਾਮ ਸਿੰਘ, ਰਾਣਾ ਫ਼ੌਜੀ, ਬਲਵਿੰਦਰ ਸਿੰਘ, ਸੰਦੀਪ ਸਿੰਘ, ਚਰਨਜੀਤ ਸਿੰਘ, ਸਤਿੰਦਰ ਸਿੰਘ, ਹਰਪ੍ਰੀਤ ਸਿੰਘ, ਪੂਰਨ ਸਿੰਘ, ਜੋਗਾ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।