ਪੰਜਾਬ ਮੁੱਖ ਖ਼ਬਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
  • PublishedFebruary 15, 2024

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ

ਚੰਡੀਗੜ੍ਹ, 15 ਫਰਵਰੀ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

Written By
The Punjab Wire