ਸਮੂਹ ਜਨਤਕ ਜਥੇਬੰਦੀਆਂ ਦੇ ਸੱਦੇ ਤੇ 16 ਫਰਵਰੀ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ- ਐਸਕੇਐਮ-ਟ੍ਰੇਡ ਯੂਨੀਅਨ
ਸਭ ਕੁੱਝ ਬੰਦ ਕਰਕੇ ਬੱਬਰੀ ਬਾਈ ਪਾਸ ਨੇੜੇ ਧਰਨੇ ਤੇ ਪਹੁੰਚਣ ਦੀ ਕੀਤੀ ਅਪੀਲ
ਗੁਰਦਾਸਪੁਰ 15 ਫਰਵਰੀ 2024 (ਦੀ ਪੰਜਾਬ ਵਾਇਰ)। ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ ਤੇ ਸਮੁਚੇ ਭਾਰਤ ਬੰਦ ਨੂੰ ਸਫਲ ਬਣਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 16 ਫਰਵਰੀ ਨੂੰ ਸਾਰੇ ਅਦਾਰੇ, ਦੁਕਾਨਾਂ, ਰੇੜੀਆਂ, ਬੈਂਕ, ਬੰਦ ਕਰ ਕੇ 11 ਵਜੇ ਬੱਬਰੀ ਬਾਈ ਪਾਸ ਤੇ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਇਹ ਬਿਆਨ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟ੍ਰੇਡ ਯੂਨੀਅਨ ਦੇ ਨੁਮਾਇਂਦਿਆ ਵੱਲੋਂ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਿੱਤਾ ਗਿਆ।
ਉਨ੍ਹਾਂ ਵੱਲੋਂ ਅੱਜ ਵੀਰਵਾਰ ਨੂੰ ਟੋਲ ਪਲਾਜ਼ਾ ਕਾਹਲਵਾਂ ਬੰਦ ਕਰ ਕੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਹਰਿਆਣਾ ਦੀ ਹੱਦ ਤੇ ਕੀਤੀ ਅਣਮਨੁੱਖੀ ਵਰਤਾਰਿਆਂ ਦਾ ਰੋਸ ਪ੍ਰਗਟ ਕੀਤਾ ਗਿਆ ਅਤੇ ਲੋਕਾਂ ਨੂੰ 16 ਫਰਵਰੀ ਨੂੰ ਬੰਦ ਰੱਖਣ ਲਈ ਅਪੀਲ ਕੀਤੀ ਗਈ।
ਆਗੂਆ ਦੱਸਿਆ ਕਿ ਇਸ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਸ਼ਹਿਰਾਂ ਵਿੱਚ ਬਕਾਇਦਾ ਮੁਨਿਆਦੀ ਕਰਵਾਈ ਗਈ। ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਸ਼ਾਂਤਮਈ ਰੂਪ ਵਿੱਚ ਦਿੱਲੀ ਜਾ ਰਹੇ ਕਿਸਾਨਾਂ ਉਪਰ ਗੋਲੀਆਂ, ਅੱਥਰੂ ਗੈਸ ਅਤੇ ਕੈਮੀਕਲ ਯੁਕਤ ਪਾਣੀ ਦੀਆਂ ਬੁਛਾੜਾਂ ਮਾਰਕੇ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਟਰੇਂਡ ਯੂਨੀਅਨਾਂ, ਮੁਲਾਜ਼ਮ ਜਥੇਬੰਦੀਆਂ ਵੱਲੋਂ ਹੜਤਾਲ ਵਿੱਚ ਸ਼ਾਮਲ ਹੋਣ ਲਈ ਆਪਣੇ ਅਧਿਕਾਰੀਆਂ ਨੂੰ ਨੋਟਿਸ ਭੇਜੇ ਹਨ।
ਉਨ੍ਹਾਂ ਦੱਸਿਆ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਇਸ ਹੜਤਾਲ ਵਿੱਚ ਸ਼ਾਮਲ ਹੋਣ ਲਈ ਬਾਕਾਇਦਾ ਆਪਣੇ ਹਾਜ਼ਰੀ ਰਜਿਸਟਰ ਵਿੱਚ ਹੜਤਾਲ ਭਰ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਜਿਸ ਨੂੰ ਲਾਗੂ ਕਰਨ ਲਈ ਵੱਡੀ ਗਿਣਤੀ ਵਿਚ ਜੁਝਾਰੂ ਅਧਿਆਪਕ ਅੱਗੇ ਆ ਰਹੇ ਹਨ। ਇਸ ਦੇ ਨਾਲ ਹੀ ਆਸ਼ਾ ਵਰਕਰਾਂ, ਮਿਡ ਡੇ ਮੀਲ ਕੁੱਕ ਬੀਬੀਆਂ, ਆਂਗਣਵਾੜੀ ਵਰਕਰਾਂ ਅਤੇ ਹੋਰ ਕੱਚੇ ਮੁਲਾਜ਼ਮਾਂ ਵੱਲੋਂ ਵੀ ਇਸ ਹੜਤਾਲ ਵਿੱਚ ਸ਼ਾਮਲ ਹੋਣ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਹਨ।
ਗੁਰਦਾਸਪੁਰ ਸ਼ਹਿਰ ਵਿਚ ਮੱਖਣ ਕੁਹਾੜ, ਅਮਰਜੀਤ ਸ਼ਾਸਤਰੀ, ਕਪੂਰ ਸਿੰਘ ਘੁੰਮਣ, ਪਲਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਹੱਥ ਪਰਚਾ ਵੰਡ ਕੇ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।