ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਕੀਤਾ ਜਾ ਰਿਹਾ ਯਤਨ- ਵਿਧਾਇਕ ਪਾਹੜਾ

ਕਿਹਾ ਅਕਾਲੀ ਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ

ਗੁਰਦਾਸਪੁਰ, 17 ਫਰਵਰੀ 2024 (ਦੀ ਪੰਜਾਬ ਵਾਇਰ)। ਠੰਡੀਆਂ ਰਾਤਾਂ ਵਿੱਚ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੰਘਰਸ਼ ਕਰਦਾ ਹੋਇਆ ਸੜਕਾਂ ‘ਤੇ ਬੈਠਾ ਹੈ। ਜਦੋਂ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਬੜੀ ਮੁਸ਼ੱਕਤ ਨਾਲ ਜੋ ਫ਼ਸਲ ਤਿਆਰ ਕੀਤੀ ਜਾਂਦੀ ਹੈ, ਉਸ ਦਾ ਮੰਡੀ ਵਿੱਚ ਸਹੀ ਭਾਅ ਨਹੀਂ ਮਿਲਦਾ, ਜਦੋਂਕਿ ਵੱਡੇ ਵਪਾਰੀ ਕਿਸਾਨਾਂ ਤੋਂ 10 ਰੁਪਏ ਵਿੱਚ ਮਾਲ ਖਰੀਦ ਕੇ ਬਾਅਦ ਵਿੱਚ 100 ਰੁਪਏ ਵਿੱਚ ਵੇਚ ਦਿੰਦੇ ਹਨ। ਅਜਿਹੇ ਵਿੱਚ ਕਿਸਾਨਾਂ ਵੱਲੋਂ ਫ਼ਸਲ ਦੀ ਐਮਐਸਪੀ ਤੈਅ ਕਰਨ ਦੀ ਕੀਤੀ ਜਾ ਰਹੀ ਮੰਗ ਕਿਸੇ ਵੀ ਤਰ੍ਹਾਂ ਨਾਜਾਇਜ਼ ਨਹੀਂ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਇਸ ਮੰਗ ਨੂੰ ਤੁਰੰਤ ਪੂਰਾ ਕਰੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ-ਰਾਤ ਸੜਕਾਂ ‘ਤੇ ਹਨ, ਜਦਕਿ ਸਰਕਾਰ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੇ ਇਸ ਅੱਤਿਆਚਾਰ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚਾਚੋਕੇ ਦੇ ਵਸਨੀਕ ਗਿਆਨ ਸਿੰਘ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਪਰ ਹੁਣ ਤੱਕ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ।

ਪਾਹੜਾ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਪਾਰਟੀ ਕਹਿਣ ਵਾਲੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇਸ ਮੁੱਦੇ ‘ਤੇ ਚੁੱਪ ਧਾਰੀ ਬੈਠੇ ਹਨ। ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਦੇ ਹਿਤੈਸ਼ੀ ਹਨ ਤਾਂ ਉਨ੍ਹਾਂ ਨੂੰ ਖੁੱਲ੍ਹ ਕੇ ਕਿਸਾਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਹੈ। ਪਾਹੜਾ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

Exit mobile version