ਚੰਡੀਗੜ੍ਹ, 20 ਫਰਵਰੀ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਨੀਤੀ ਬਣਾਉਣ ਵਿੱਚ ਢਿੱਲ ਵਰਤਣ ‘ਤੇ ਚਿੰਤਾ ਜ਼ਾਹਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਨੀਤੀ ਦੀ ਘਾਟ ਕਾਰਨ ਕਰੱਸ਼ਰ ਉਦਯੋਗ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਉਦਾਸੀਨਤਾ ਦਾ ਖਮਿਆਜ਼ਾ ਪੰਜਾਬ ਦੀ ਕਰੱਸ਼ਰ ਇੰਡਸਟਰੀ ਨੂੰ ਭੁਗਤਣਾ ਪੈ ਰਿਹਾ ਹੈ। ਬਾਜਵਾ ਨੇ ਕਿਹਾ ਕਿ ਰੂਪਨਗਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਮੁਹਾਲੀ ਵਿੱਚ ਕਰੋੜਾਂ ਰੁਪਏ ਦੀਆਂ ਕਰੱਸ਼ਰ ਮਸ਼ੀਨਾਂ ਪਿਛਲੇ ਦੋ ਸਾਲਾਂ ਤੋਂ ਬੰਦ ਹਾਲਤ ਵਿੱਚ ਹੋਣ ਕਾਰਨ ਖਰਾਬ ਹੋ ਗਈਆਂ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਿਰਫ ਕਰੈਸ਼ਰ ਮਾਲਕਾਂ ਨੂੰ ਹੀ ਘਾਟਾ ਨਹੀਂ ਹੋ ਰਿਹਾ ਸਗੋਂ ਹਜ਼ਾਰਾਂ ਪੰਜਾਬੀ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨਵੇਂ ਮਾਲੀਆ ਸਰੋਤ ਤੋਂ ਸਰਕਾਰੀ ਖਜ਼ਾਨੇ ਨੂੰ ਭਰਨ ‘ਚ ਵੀ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਸੀ। ਅਰਵਿੰਦ ਕੇਜਰੀਵਾਲ ਦੇ ਹਿਸਾਬ ਨਾਲ ਸਰਕਾਰ ਨੂੰ ਦੋ ਸਾਲਾਂ ‘ਚ 40,000 ਕਰੋੜ ਰੁਪਏ ਦੀ ਕਮਾਈ ਕਰਨੀ ਚਾਹੀਦੀ ਸੀ। ਹਾਲਾਂਕਿ ਦੋ ਵਿੱਤੀ ਸਾਲਾਂ ਵਿੱਚ ‘ਆਪ’ ਸਰਕਾਰ ਮਾਈਨਿੰਗ ਤੋਂ ਸਿਰਫ 472 ਕਰੋੜ ਰੁਪਏ ਦੀ ਕਮਾਈ ਕਰਨ ਵਿੱਚ ਸਫਲ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਬਾਕੀ ਮਾਲੀਆ ਕਿੱਥੇ ਗਿਆ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਹ ਕਦੇ ਵੀ ਸੂਬੇ ਦੀ ਖਸਤਾ ਹਾਲਤ ਆਰਥਿਕਤਾ ਨੂੰ ਸੁਚਾਰੂ ਬਣਾਉਣ ਲਈ ਗੰਭੀਰ ਨਹੀਂ ਰਹੇ।