Close

Recent Posts

ਗੁਰਦਾਸਪੁਰ ਪੰਜਾਬ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ
  • PublishedFebruary 22, 2024

ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ

ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ

ਗੁਰਦਾਸਪੁਰ, 22 ਫਰਵਰੀ 2024 ( ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਕੀਤੀ ਜਾ ਰਹੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਹੁੰਚ ਕੇ ਇੱਥੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੂਨਿਟ ਦੀ ਸਥਾਪਨਾ ਲਈ 16.75 ਕਰੋੜ ਰੁਪਏ ਦੀ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਇਹ ਯੂਨਿਟ 2 ਪੜਾਵਾਂ ਵਿੱਚ ਮੁਕੰਮਲ ਹੋਵੇਗਾ। ਸ੍ਰੀ ਬਹਿਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 3 ਮੰਜ਼ਿਲਾਂ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ ਅਤੇ ਦੂਜੇ ਪੜਾਅ ਵਿੱਚ ਰਹਿੰਦੀਆਂ 2 ਹੋਰ ਮੰਜ਼ਿਲਾਂ ਬਣਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਕ੍ਰਿਟੀਕਲ ਕੇਅਰ ਯੂਨਿਟ ਦੀ ਨਵੀਂ ਬਣਨ ਵਾਲੀ ਇਮਾਰਤ ਦੀਆਂ ਕੁੱਲ ਪੰਜ ਮੰਜ਼ਿਲਾਂ ਦੀ ਹੋਵੇਗੀ।

ਕ੍ਰਿਟੀਕਲ ਕੇਅਰ ਯੂਨਿਟ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਗਰਾਊਂਡ ਫਲੋਰ ਵਿੱਚ ਰਿਸੈੱਪਸ਼ਨ, ਲੀ.ਡੀ.ਆਰ. (ਦੋ ਕਮਰੇ) ਡਾਇਲਸਸ ਰੂਮ, ਡਾਇਲਸਸ ਪ੍ਰੋਸੈੱਸ ਰੂਮ, ਯੂ.ਐੱਸ.ਜੀ. ਰੂਮ, ਪੀ.ਓ.ਸੀ. ਲੈਬ ਰੂਮ, ਐਕਸਰੇ ਰੂਮ, ਮਾਈਨਰ ਪ੍ਰੋਸੀਜਰ ਰੂਮ, ਸੀ.ਯੂ. ਰੂਮ, ਸਕਰੀਨਿੰਗ ਐਂਡ ਟਰੇਗੀ ਰੂਮ, ਡੌਫਿੰਗ ਰੂਮ, ਡੋਨਿੰਗ ਰੂਮ ਅਤੇ ਐੱਮ.ਸੀ.ਐੱਚ. ਰੂਮ ਹੋਣਗੇ। ਪਹਿਲੀ ਮੰਜ਼ਿਲ ‘ਤੇ 24 ਬਿਸਤਰਿਆਂ ਦਾ ਆਈ.ਐੱਸ.ਓ ਵਾਰਡ, ਕਲੀਨਿਕ ਟੈੱਸਟ ਰੂਮ, ਐੱਚ.ਡੀ.ਯੂ (ਚਾਰ ਬੈੱਡ) ਰੂਮ ਅਤੇ ਆਈ.ਐੱਸ.ਓ. ਰੂਮ (2 ਬੈੱਡ) ਹੋਣਗੇ।

ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਦੂਸਰੀ ਮੰਜ਼ਿਲ ਉੱਪਰ ਓ.ਟੀ. ਦੋ ਰੂਮ, ਪ੍ਰੀ ਓ.ਪੀ. ਜਾਂ ਪੋਸਟ ਓ.ਪੀ. (4 ਬੈੱਡ) ਰੂਮ, ਕਲੀਨਿਕ ਟੈੱਸਟ ਰੂਮ, ਕੌਂਸਲਿੰਗ ਰੂਮ, ਆਈ.ਸੀ.ਯੂ. ਰੂਮ (10 ਬੈੱਡ) ਹੋਣਗੇ। ਸ੍ਰੀ ਬਹਿਲ ਨੇ ਕਿਹਾ ਕਿ ਇਸ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ 18 ਮਹੀਨਿਆਂ ਦੇ ਅੰਦਰ ਮੁਕੰਮਲ ਕੀਤੀ ਜਾਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਕ੍ਰਿਟੀਕਲ ਕੇਅਰ ਯੂਨਿਟ ਦੀ ਸਥਾਪਨਾ ਹੋਣ ਨਾਲ ਪੂਰੇ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਪਠਾਨਕੋਟ ਅਤੇ ਆਸ-ਪਾਸ ਦੇ ਖੇਤਰ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਇਸ ਯੂਨਿਟ ਵਿੱਚ ਹੁਣ ਸੀਰੀਅਸ ਬਿਮਾਰੀਆਂ ਦਾ ਇਲਾਜ ਮਾਹਿਰ ਡਾਕਟਰਾਂ ਵੱਲੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਦੇ ਸ਼ਿਕਾਰ ਵਿਅਕਤੀਆਂ ਦਾ ਵੀ ਏਥੇ ਇਲਾਜ ਹੋ ਸਕੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚਣਗੀਆਂ। ਇਸ ਯੂਨਿਟ ਦੀ ਉਸਾਰੀ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਨਵਾਂ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਨਾਲ ਇਲਾਜ ਲਈ ਆਧੁਨਿਕ ਸਾਜੋ-ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਸਰਕਾਰੀ ਸਿਹਤ ਸੇਵਾਵਾਂ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਦੀ ਭਰਤੀ ਕੀਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਦਾ ਸੂਬੇ ਭਰ ਵਿੱਚ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਸੂਬਾ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਬਹੁਤ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।

ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡੀ.ਐੱਮ.ਸੀ. ਡਾ. ਰੋਮੀ ਰਾਜਾ, ਐੱਸ.ਐੱਮ.ਓ. ਡਾ. ਰਾਜ ਮਸੀਹ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਹਰਜੋਤ ਸਿੰਘ, ਐੱਸ.ਡੀ.ਓ. ਲਵਪ੍ਰੀਤ ਸਿੰਘ, ਹਰਦੀਪ ਸਿੰਘ ਬੇਦੀ ਤੋਂ ਇਲਾਵਾ ਸਿਹਤ ਵਿਭਾਗ ਅਧਿਕਾਰੀ ਤੇ ਹੋਰ ਅਮਲਾ ਵੀ ਹਾਜ਼ਰ ਸੀ।

Written By
The Punjab Wire