27 ਫਰਵਰੀ ਤੋਂ 8 ਮਾਰਚ ਤੱਕ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕਤਾ ਵੈਨਾਂ ਜਰੀਏ ਕੀਤਾ ਜਾਵੇਗਾ ਜਾਗਰੂਕ
ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ : ਵਧੀਕ ਡਿਪਟੀ ਕਮਿਸ਼ਨਰ
ਗੁਰਦਾਸਪੁਰ, 27 ਫਰਵਰੀ2024 (ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਸਥਾਨਕ ਪੰਚਾਇਤ ਭਵਨ ਤੋਂ 14 ਵੋਟਰ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਗੁਰਦਾਸਪੁਰ ਸ. ਮਨਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਮੋਬਾਈਲ ਵੋਟਰ ਜਾਗਰੂਕਤਾ ਵੈਨਾਂ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਹਲਕਿਆਂ ਗੁਰਦਾਸਪੁਰ, ਬਟਾਲਾ, ਦੀਨਾਨਗਰ, ਡੇਰਾ ਬਾਬਾ ਨਾਨਕ, ਕਾਦੀਆਂ, ਫ਼ਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਮਿਤੀ 27-02-2024 ਤੋਂ 08-03-2024 ਤੱਕ ਚੱਲਣਗੀਆਂ। ਇਨ੍ਹਾਂ ਮੋਬਾਈਲ ਵੈਨਾਂ ਦਾ ਮੁੱਖ ਮੰਤਵ ਹਲਕੇ ਦੇ ਹਰ ਇੱਕ ਵੋਟਰ ਨੂੰ ਵੋਟਾਂ ਬਣਾਉਣ, ਵੋਟਾਂ ਵਿੱਚ ਸੁਧਾਈ ਕਰਨ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰੇ।
ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਹਰੇਕ ਪੋਲਿੰਗ ਸਟੇਸ਼ਨ ‘ਤੇ ਜਾਗਰੂਕਤਾ ਵੈਨਾਂ ਪਹੁੰਚ ਕੇ ਵੀਡੀਓ ਕਲਿੱਪ ਰਾਹੀ ਈ.ਵੀ.ਐਮ ਮਸ਼ੀਨ ਰਾਹੀ ਵੋਟ ਪਾਉਣ ਸਮੇਤ ਈ.ਵੀ.ਐਮ. ਅਤੇ ਵੀਵੀ ਪੈਟ ਮਸ਼ੀਨ ਸਬੰਧੀ ਹੋਰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਇਹ ਵੈਨਾਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹਲਕਿਆਂ ਵਿੱਚ ਨਿਰਧਾਰਿਤ ਪਲਾਨ ਅਨੁਸਾਰ ਨੂੰ ਜਾਗਰੂਕ ਕਰਨ ਲਈ ਯੋਗਦਾਨ ਦੇਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕਤਾ ਮੁਹਿੰਮ ਵਿੱਚ ਭਾਗ ਲੈਣ ਅਤੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਇਸ ਵਾਰ 70 ਪਾਰ’ ਵੋਟਿੰਗ ਫ਼ੀਸਦੀ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ।