ਗੁਰਦਾਸਪੁਰ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਰਮਨ ਬਹਿਲ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਰਮਨ ਬਹਿਲ
  • PublishedFebruary 28, 2024

ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ – ਰਮਨ ਬਹਿਲ

ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ

ਗੁਰਦਾਸਪੁਰ, 28 ਫਰਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੈ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਅਤੇ ਗਹੋਤ ਪੋਖਰ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆਂ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ 35 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ 27 ਹੋਰ ਆਮ ਆਦਮੀ ਖੋਲ੍ਹੇ ਗਏ ਹਨ ਜਿਸ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ ਗਿਣਤੀ 62 ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰ੍ਹਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਫਾਇਦਾ ਆਮ ਜਨਤਾ ਨੂੰ ਹੋਇਆ ਹੈ। ਚਾਹੇ ਉਹ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਗੱਲ ਹੋਵੇ ਜਾਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਇਸ ਤਰ੍ਹਾਂ ਦੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਜੋ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ।

Written By
The Punjab Wire