8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਫਰਵਰੀ 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ ‘ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version