ਗੁਰਦਾਸਪੁਰ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ
  • PublishedMarch 2, 2024

ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ – ਸੇਖਵਾਂ

ਗੁਰਦਾਸਪੁਰ, 2 ਮਾਰਚ 2024 ( ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੁਰਾਣਾ ਧਾਰੀਵਾਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਧਾਰੀਵਾਲ ਦੇ ਵਸਨੀਕਾਂ ਨੂੰ ਆਮ ਆਦਮੀ ਕਲੀਨਿਕ ਖੁੱਲਣ ਦੀ ਵਧਾਈ ਦਿੰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਹੁਣ ਸਥਾਨਕ ਵਸਨੀਕਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੀ ਸਹੂਲਤ ਮਿਲੇਗੀ।

ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ ਅਤੇ ਹੁਣ ਲੋਕ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆਂ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰ੍ਹਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਫਾਇਦਾ ਆਮ ਜਨਤਾ ਨੂੰ ਹੋਇਆ ਹੈ। ਚਾਹੇ ਉਹ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਗੱਲ ਹੋਵੇ ਜਾਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਇਸ ਤਰ੍ਹਾਂ ਦੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਜੋ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ।

Written By
The Punjab Wire