ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ 11 ਈ-ਚੇਅਰ ਤਕਸੀਮ ਕੀਤੀਆਂ
ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਪਣੀ ਕਮਜ਼ੋਰੀ ਨੂੰ ਆਪਣੀ ਤਾਕਤ ਵਿੱਚ ਬਦਲਣ – ਡਿਪਟੀ ਕਮਿਸ਼ਨਰ
ਈ-ਚੇਅਰ ਦੇਣ ‘ਚ ਸਹਿਯੋਗ ਲਈ ਐਕਸਿਸ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ
ਗੁਰਦਾਸਪੁਰ, 5 ਮਾਰਚ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐਕਸਿਸ ਬੈਂਕ ਦੇ ਸਹਿਯੋਗ ਨਾਲ ‘ਸੁਤੰਤਰ ਬੱਚੇ’ ਪ੍ਰੋਜੈਕਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 11 ਇਲੈਕਟ੍ਰੋਨਿਕ ਚੇਅਰ (ਈ-ਚੇਅਰ) ਦਿੱਤੀਆਂ ਗਈਆਂ। ਇਨ੍ਹਾਂ ਈ-ਚੇਅਰ ਦੀ ਵੰਡ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਸ੍ਰੀ ਰਾਕੇਸ਼ ਕੁਮਾਰ, ਐਕਸਿਸ ਬੈਂਕ ਦੇ ਕਲਸਟਰ ਹੈੱਡ ਸ. ਪਰਮਿੰਦਰ ਸਿੰਘ, ਐਕਸਿਸ ਬੈਂਕ ਦੇ ਮੈਨੇਜਰ ਸ. ਗੁਰਮਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਲਖਵਿੰਦਰ ਸਿੰਘ, ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਈ-ਚੇਅਰ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਈ-ਚੇਅਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਡੀ ਸਹੂਲਤ ਸਾਬਤ ਹੋਣਗੀਆਂ ਅਤੇ ਉਹ ਅਸਾਨੀ ਤੇ ਸੁਤੰਤਰਤਾ ਨਾਲ ਵਿਚਰ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਪਣੇ ਕਿਸੇ ਸਰੀਰਕ ਅੰਗ ਦੀ ਘਾਟ ਨੂੰ ਆਪਣੀ ਕਮਜ਼ੋਰੀ ਨਾ ਸਮਝਣ ਬਲਕਿ ਉਹ ਆਪਣੀ ਕਮਜ਼ੋਰੀ ਨੂੰ ਆਪਣੀ ਤਾਕਤ ਬਣਾਉਣ ਲਈ ਮਿਹਨਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਨਹਿਰੀ ਭਵਿੱਖ ਉਨ੍ਹਾਂ ਦਾ ਸਵਾਗਤ ਕਰਨ ਲਈ ਬਾਂਹਾਂ ਫੈਲਾਈ ਖੜ੍ਹਾ ਹੈ ਬੱਸ ਲੋੜ ਮਿਹਨਤ ਅਤੇ ਦ੍ਰਿੜ੍ਹ ਨਿਸ਼ਚੇ ਨਾਲ ਆਪਣੇ ਟੀਚੇ ਵੱਲ ਧਿਆਨ ਦੇਣ ਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀ ਕਿਹਾ ਕਿ ਉਹ ਆਪਣੇ ਇਨ੍ਹਾਂ ਬੱਚਿਆਂ ਨੂੰ ਅੱਗੇ ਵਧਣ ਲਈ ਹਰ ਤਰ੍ਹਾਂ ਦੇ ਮੌਕੇ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਜਾਂ ਅੱਗੇ ਵਧਣ ਵਿੱਚ ਕਿਸੇ ਹੋਰ ਲੋੜ ਵਿੱਚ ਮਦਦ ਦੀ ਲੋੜ ਹੋਵੇ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੱਚਿਆਂ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਈ-ਚੇਅਰ ਦੇਣ ਲਈ ਐਕਸਿਸ ਬੈਂਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਉਪਰਾਲਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬੱਚੇ ਹੁਣ ਅਸਾਨੀ ਤੇ ਸੁਤੰਤਰਤਾ ਨਾਲ ਆਪਣੇ ਜੀਵਨ ਵਿੱਚ ਵਿਚਰ ਸਕਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਕੂਲਾਂ ਵਿੱਚ ਪੜ੍ਹਦੇ 11 ਬੱਚਿਆਂ ਨੂੰ ਈ-ਚੇਅਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਈ-ਚੇਅਰ ਦੀ ਕੀਮਤ ਇੱਕ ਲੱਖ ਦੇ ਕਰੀਬ ਹੈ ਅਤੇ ਐਕਸਿਸ ਬੈਂਕ ਵੱਲੋਂ ਆਪਣੇ ਸੀ.ਐੱਸ.ਆਰ ਫੰਡਾਂ ਤਹਿਤ ਇਹ ਚੇਅਰ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਈ-ਚੇਅਰ ਚਲਾਉਣ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਅਸਾਨੀ ਨਾਲ ਇਨ੍ਹਾਂ ਦੀ ਵਰਤੋਂ ਕਰ ਸਕਣ।