ਚੇਅਰਮੈਨ ਰਮਨ ਬਹਿਲ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ
ਗੁਰਦਾਸਪੁਰ, 5 ਮਾਰਚ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਮੰਤਵ ਲਈ ਸਰਕਾਰ ਵੱਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸ਼ਾਸਨ, ਸਿੱਖਿਆ ਤੇ ਸਿਹਤ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਅਗਲੇ ਵਿੱਤੀ ਸਾਲ ਲਈ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ ਵਿੱਤੀ ਵਰ੍ਹੇ 2024-25 ਵਿੱਚ 575 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿੱਚ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 100 ਕਰੋੜ ਰੁਪਏ ਸਕੂਲ ਆਫ਼ ਐਮੀਨੈਂਸ ਲਈ ਰੱਖੇ ਗਏ ਹਨ ਜਦਕਿ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ਼ ਬ੍ਰਿਲੀਅਨਜ਼ ਅਤੇ ਸਕਿੱਲ ਐਜੂਕੇਸ਼ਨ ਪ੍ਰਦਾਨ ਕਰਨ ਲਈ “ਸਕੂਲ ਆਫ਼ ਅਪਲਾਈਡ ਲਰਨਿੰਗ” ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ਼ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸ੍ਰੀ ਬਹਿਲ ਨੇ ਕਿਹਾ ਕਿ ਆਰਥਿਕ ਸੂਝ-ਬੂਝ ਨਾਲ ਤਿਆਰ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ, ਸਰੋਤ ਜੁਟਾ ਕੇ ਮਾਲੀਆ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਸਿਖਰਾਂ ਛੂਹੇਗਾ।
ਸ੍ਰੀ ਰਮਨ ਬਹਿਲ ਨੇ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖ਼ਾਕੇ ਵਜੋਂ ਕੰਮ ਕਰੇਗਾ। ਉਨ੍ਹਾਂ ਇਸ ਸ਼ਾਨਦਾਰ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।