ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੁਰਦਾਸਪੁਰ `ਚ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ
ਪੰਜਾਬ ਚ ਬਣਨਗੀਆਂ ਕੁੱਲ 3 ਲਬਾਰਟਰੀਆਂ,ਪਹਿਲਾਂ ਬਾਹਰਲੇ ਸੂਬਿਆਂ ਚ ਭੇਜੇ ਜਾਂਦੇ ਸਨ ਸੈਂਪਲ
ਗੁਰਦਾਸਪੁਰ, 8 ਮਾਰਚ 2024 (ਦੀ ਪੰਜਾਬ ਵਾਇਰ )। ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਗੁਰਦਾਸਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਸਮੇਤ ਇਲਾਕੇ ਦੇ ਕਿਸਾਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਤਹਿਤ ਹੀ ਅੱਜ ਗੁਰਦਾਸਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲੈਬਾਰਟਰੀ ਉੱਪਰ 2.50 ਕਰੋੜ ਰੁਪਏ ਖਰਚ ਆਉਣੇ ਹਨ ਜਿਸ ਵਿੱਚ 85 ਲੱਖ ਰੁਪਏ ਖਰਚ ਕਰਕੇ ਇਸ ਲੈਬਾਰਟਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਜਿਹੀਆਂ 3 ਹੋਰ ਬਾਇਓਫਰਟੀਲਾਈਜਰ ਟੈਸਟਿੰਗ ਲਬਾਰਟਰੀਆਂ ਸਥਾਪਿਤ ਕੀਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪਹਿਲਾਂ ਬਾਇਓਫਰਟੀਲਾਈਜਰ ਦੇ ਨਾਮ `ਤੇ ਕਈ ਤਰਾਂ ਦੀਆਂ ਗਲਤ ਦਵਾਈਆਂ ਵਿਕ ਜਾਂਦੀਆਂ ਸਨ ਅਤੇ ਜਦੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਸੈਂਪਲ ਭਰ ਕੇ ਟੈਸਟ ਕਰਨੇ ਹੁੰਦੇ ਸਨ ਤਾਂ ਉਨਾਂ ਨੂੰ ਸੂਬੇ ਤੋਂ ਬਾਹਰ ਹੋਰ ਸੂਬਿਆਂ ਦੀਆਂ ਲਬਾਰਟਰੀਆਂ ਵਿਚ ਭੇਜਣਾ ਪੈਂਦਾ ਸੀ। ਪਰ ਹੁਣ ਪੰਜਾਬ ਸਰਕਾਰ ਨੇ ਆਪਣੇ ਸੂਬੇ ਅੰਦਰ ਹੀ ਅਜਿਹੀਆਂ ਲਬਾਰਟਰੀਆਂ ਬਣਾਉਣ ਦਾ ਫੈਸਲਾ ਕੀਤਾ ਹੈ।
ਖੇਤੀਬਾੜੀ ਮੰਤਰੀ ਨੇ ਕਿਸਾਨ ਬਜ਼ਾਰ ਲਗਾਉਣ ਵਾਲੇ ਕਿਸਾਨਾਂ ਦੀ ਮੰਗ `ਤੇ ਗੁਰਦਾਸਪੁਰ ਵਿਖੇ ਸ਼ੈਡ ਬਣਾਉਣ ਦਾ ਐਲਾਨ ਕੀਤਾ ਅਤੇ ਨਾਲ ਹੀ ਨਵੀਂ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਦਾ ਜਿਕਰ ਕਰਦਿਆਂ ਕਿਹਾ ਇਸ ਨਵੀਂ ਨੀਤੀ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਪਲਾਨ ਤਿਆਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਬੋਲਦਿਆਂ ਚੇਅਰਮੈਨ ਰਮਨ ਬਹਿਲ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਜ਼ਿਲ੍ਹੇ ਵਿਚ ਆਉਣ ਅਤੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜਰ ਲੈਬਾਰਟਰੀ ਸਥਾਪਿਤ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸੰਬੋਧਨ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਕਿਹਾ ਕਿ ਇਹ ਲੈਬਾਰਟਰੀ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਬਾਇਓ ਖਾਦਾਂ ਦੀ ਗੁਣਵੱਤਾ ਸੁਧਾਰਨ ਅਤੇ ਜ਼ਹਿਰ ਮੁਕਤ ਖੇਤੀ ਨੂੰ ਹੁਲਾਰਾ ਦੇਣ ਵਿਚ ਵੱਡੀ ਮਦਦ ਮਿਲੇਗੀ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਕੈਬਨਿਟ ਮੰਤਰੀ ਸਮੇਤ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਇਸ ਲੈਬਾਰਟਰੀ ਨੂੰ ਬਿਹਤਰ ਢੰਗ ਨਾਲ ਚਲਾਇਆ ਜਾਵੇਗਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜਾਇੰਟ ਡਾਇਰੈਕਟਰ ਨਰਿੰਦਰ ਸਿੰਘ ਬੈਨੀਪਾਲ, ਜਾਇੰਟ ਡਾਇਰੈਕਟਰ ਗੁਰਜੀਤ ਸਿੰਘ ਬਰਾਰ, ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ, ਸੀਡ ਟੈਸਟਿੰਗ ਅਫਸਰ ਡਾ. ਹਰਮਿੰਦਰਪਾਲ ਸਿੰਘ ਸਮੇਤ ਜ਼ਿਲ੍ਹੇ ਦੇ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।