ਕ੍ਰਾਇਮ ਗੁਰਦਾਸਪੁਰ ਮੁੱਖ ਖ਼ਬਰ

Update – ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, SHO ਸਮੇਤ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖਮੀ

Update – ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, SHO ਸਮੇਤ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖਮੀ
  • PublishedMarch 14, 2024

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ

ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ

ਗੁਰਦਾਸਪੁਰ, 14 ਮਾਰਚ 2024 (ਦੀ ਪੰਜਾਬ ਵਾਇਰ)। ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ ਬੰਦੀਆਂ ਦੀ ਹੋਈ ਲੜਾਈ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ, ਜੇਲ੍ਹ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਕਾਬੂ ਹੇਠ ਕਰ ਲਿਆ ਗਿਆ ਹੈ। ਪੁਲਿਸ ਵਿਭਾਗ ਦੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ. ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਸ. ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸ.ਐੱਸ.ਪੀ. ਪਠਾਨਕੋਟ ਸ. ਦਿਲਜਿੰਦਰ ਸਿੰਘ ਢਿੱਲੋਂ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚ ਮੁਜ਼ਾਹਰਾ ਕਰ ਰਹੇ ਕੈਦੀਆਂ ਨੂੰ ਸ਼ਾਂਤ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਸਲੇ ਲਈ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ. ਗੁਰਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਦੀਆਂ ਨਾਲ ਗੱਲਬਾਤ ਦੌਰਾਨ ਮੁੱਢਲੇ ਤੌਰ ‘ਤੇ ਇਹ ਸਾਹਮਣੇ ਆਇਆ ਹੈ ਕਿ ਜੇਲ੍ਹ ਦੇ ਕੁਝ ਛੋਟੇ ਪੱਧਰ ਦੇ ਮੁਲਾਜ਼ਮਾਂ ਦੀਆਂ ਕਮੀਆਂ ਪੇਸ਼ੀਆਂ ਸਨ ਜਿਨ੍ਹਾਂ ਨੂੰ ਕਲਮਬੱਧ ਕੀਤਾ ਗਿਆ ਹੈ ਅਤੇ ਇਨ੍ਹਾਂ ਦਾ ਹੱਲ ਤਿੰਨ ਦਿਨਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਦੀਆਂ ਦੇ ਕੁਝ ਮੈਡੀਕਲ ਮਸਲੇ ਸਨ ਅਤੇ ਕੈਦੀਆਂ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਕੈਦੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਵਿੱਚ ਕੁਝ ਕਮੀ ਰਹਿ ਜਾਂਦੀ ਹੈ, ਇਸ ਨੂੰ ਹੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿੱਤਾ ਹੈ ਕਿ ਸਿਹਤ ਵਿਭਾਗ ਦੇ ਤਿੰਨ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਅਗਲੇ ਤਿੰਨ ਦਿਨ ਜੇਲ੍ਹ ਦੇ ਸਾਰੇ ਬੰਦੀਆਂ ਦੀ ਵਿਸ਼ੇਸ਼ ਮੈਡੀਕਲ ਜਾਂਚ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਦੀ ਨੂੰ ਇਲਾਜ ਲਈ ਹਸਪਤਾਲ ਲਿਜਾਣ ਦੀ ਲੋੜ ਹੋਈ ਤਾਂ ਉਹ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜੋ ਵੀ ਦੋਸ਼ੀ ਹੋਏ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਇਸ ਸਾਰੀ ਘਟਨਾ ਦੀ ਮੈਜਿਸਟੇਰੀਅਲ ਜਾਂਚ ਕਰਵਾਈ ਜਾਵੇਗੀ ਅਤੇ ਇਸ ਝਗੜੇ ਦੇ ਕਾਰਨਾਂ ਦਾ ਪਤਾ ਕਰਕੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਸ਼ਾਂਤ ਹੋ ਗਿਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਦੱਸਣਯੋਗ ਹੈ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵੀਰਵਾਰ ਨੂੰ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਸਵੇਰੇ 11 ਵਜੇ ਦੇ ਕਰੀਬ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜੇਲ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਜਲਦਬਾਜ਼ੀ ‘ਚ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਗੁੱਸੇ ‘ਚ ਆਏ ਕੈਦੀਆਂ ਨੇ ਇੱਟਾਂ-ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਪਥਰਾਅ ਦੌਰਾਨ ਐਸਐਚਓ ਸਮੇਤ ਚਾਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਵਿਗੜਦੀ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਪੁਲੀਸ ਗੁਰਦਾਸਪੁਰ, ਬਟਾਲਾ, ਪਠਾਨਕੋਟ ਅਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਜੇਲ੍ਹ ਵਿੱਚ ਤਾਇਨਾਤ ਕਰ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸੀਆਰਪੀਐਫ ਦੀ ਟੁਕੜੀ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਮੌਕੇ ‘ਤੇ ਪੁਲਿਸ ਦੇ ਬਖਤਰਬੰਦ ਵਾਹਨਾਂ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ।

ਜ਼ਖ਼ਮੀਆਂ ਵਿੱਚ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਮੰਗੋਤਰਾ, ਜੇਲ੍ਹ ਗਾਰਡ ਜੋਧਾ ਸਿੰਘ, ਕਾਹਨੂੰਵਾਨ ਥਾਣੇ ਵਿੱਚ ਤਾਇਨਾਤ ਹੌਲਦਾਰ ਬਲਜਿੰਦਰ ਸਿੰਘ ਅਤੇ ਪੁਲੀਸ ਫੋਟੋਗ੍ਰਾਫਰ ਜਗਦੀਪ ਸਿੰਘ ਸ਼ਾਮਲ ਸਨ। ਐਸਐਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ, ਡੀਸੀ ਡਾ: ਹਿਮਾਂਸ਼ੂ ਅਗਰਵਾਲ, ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਅਤੇ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਪੁਲਿਸ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਵੀ ਜੇਲ੍ਹ ਦੇ ਅੰਦਰੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਜਾ ਰਹੇ ਸੀ।

ਕਈ ਕੈਦੀ ਅਤੇ ਬੰਦੀ ਜੇਲ੍ਹ ਦੇ ਪਿਛਲੇ ਹਿੱਸੇ ਦੀ ਛੱਤ ‘ਤੇ ਚੜ੍ਹ ਗਏ ਸੀ। ਇੱਥੇ ਅੱਗ ਲੱਗਣ ਦੀ ਵੀ ਸੰਭਾਵਨਾ ਸੀ ਕਿਉਂਕਿ ਧੂੰਆਂ ਲਗਾਤਾਰ ਉੱਠ ਰਿਹਾ ਸੀ। ਪੁਲਿਸ ਲਗਾਤਾਰ ਲਾਊਡਸਪੀਕਰ ‘ਤੇ ਉਨ੍ਹਾਂ ਨੂੰ ਹੇਠਾਂ ਆਉਣ ਦੀ ਅਪੀਲ ਕਰ ਰਹੀ ਸੀ। ਪੁਲੀਸ ਉਨ੍ਹਾਂ ਨੂੰ ਭਰੋਸਾ ਦੇ ਰਹੀ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਪਰ ਕੈਦੀ ਪੁਲੀਸ ਦੀ ਕੋਈ ਗੱਲ ਮੰਨਣ ਨੂੰ ਤਿਆਰ ਨਹੀਂ ਸਨ। ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਂਠ ਹੈ।

Written By
The Punjab Wire