ਚੋਣ ਜ਼ਾਬਤਾ ਲੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਨੀਵਾਰ ਤੇ ਐਤਵਾਰ ਦਫ਼ਤਰ ਰਹਿਣ ਦੀਆਂ ਹਦਾਇਤਾਂ ਜਾਰੀ
ਗੁਰਦਾਸਪੁਰ, 15 ਮਾਰਚ 2024 (ਦੀ ਪੰਜਾਬ ਵਾਇਰ )। ਮਾਨਯੋਗ ਭਾਰਤ ਚੋਣ ਕਮਿਸ਼ਨ ਜੀ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰਨ ਲਈ ਮਿਤੀ 16.3.2024 ਨੂੰ ਸ਼ਾਮ 3.00 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।
ਚੋਣ ਕਮਿਸ਼ਨ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਪ੍ਰਭਾਵ ਤੋਂ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ/ਬੋਰਡ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਿਤੀ 16.03.2024 ਅਤੇ ਮਿਤੀ 17.03.2024 ਨੂੰ ਆਪਣੇ ਦਫ਼ਤਰਾਂ ਵਿਚ ਹਾਜ਼ਰ ਰਹਿਣਗੇ ਅਤੇ ਉਨ੍ਹਾਂ ਦੀ ਆਗਿਆ ਤੋਂ ਬਿਨਾਂ ਆਪਣਾ ਹੈੱਡ-ਕੁਆਰਟਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਆਪਣੇ ਅਧੀਨ ਆਉਂਦੇ ਸਮੂਹ ਅਮਲੇ ਨੂੰ ਵੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਾਬੰਦ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਸੂਰਤ ਵਿਚ ਸਬੰਧਿਤ ਅਧਿਕਾਰੀ/ਕਰਮਚਾਰੀ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ,1951 ਅਧੀਨ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ।