ਸਵੀਪ ਟੀਮ ਵੱਲੋਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ
ਗੁਰਦਾਸਪੁਰ, 16 ਮਾਰਚ 2024 (ਦੀ ਪੰਜਾਬ ਵਾਇਰ )। ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਬੱਬਰੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੋਹਲ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਰਾਜੇਸ਼ ਕੁਮਾਰ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਹਰ ਵੋਟਰ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ, ਲਾਲਚ ਤੋਂ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਹਰ ਵੋਟ ਦੀ ਕੀਮਤ ਹੁੰਦੀ ਹੈ ਅਤੇ ਇੱਕ-ਇੱਕ ਵੋਟ ਦੇਸ਼ ਦਾ ਭਵਿੱਖ ਤਹਿ ਕਰਨ ਵਿੱਚ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਦੇ 18 ਸਾਲ ਪੂਰੇ ਕਰ ਚੁੱਕੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਇਸਦੇ ਨਾਲ ਹੀ ਆਪਣੇ ਪਰਿਵਾਰ ਅਤੇ ਹੋਰ ਆਸ-ਪਾਸ ਦੇ ਲੋਕਾਂ ਨੂੰ ਵੀ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਵੀ ਚੁਕਾਇਆ ਗਿਆ।