ਗੁਰਦਾਸਪੁਰ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹੋਟਲ, ਮੈਰੇਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਹੋਈ ਹਰ ਚੋਣ ਮੀਟਿੰਗ, ਰੈਲੀ ਆਦਿ ਦੀ ਸੂਚਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣ ਦੀਆਂ ਹਦਾਇਤਾਂ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹੋਟਲ, ਮੈਰੇਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਹੋਈ ਹਰ ਚੋਣ ਮੀਟਿੰਗ, ਰੈਲੀ ਆਦਿ ਦੀ ਸੂਚਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣ ਦੀਆਂ ਹਦਾਇਤਾਂ
  • PublishedMarch 18, 2024

ਗੁਰਦਾਸਪੁਰ, 18 ਮਾਰਚ 2024 ( ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਹੋਟਲ, ਮੈਰੇਜ ਪੈਲੇਸ ਅਤੇ ਰੈਸਟੋਰੈਂਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਥਾਂ ਵਿੱਚ ਕਿਸੇ ਵੀ ਰਾਜਨੀਤਿਕ ਮੀਟਿੰਗਾਂ ਅਤੇ ਚੋਣ ਜਲਸਿਆਂ ਦੀ ਜਾਣਕਾਰੀ ਅਤੇ ਉਸ ਉੱਪਰ ਹੋਏ ਖ਼ਰਚ ਦੀ ਸੂਚਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣੀ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਹੋਟਲ, ਮੈਰੇਜ ਪੈਲੇਸ ਅਤੇ ਰੈਸਟੋਰੈਂਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕਰ ਰਹੇ ਸਨ।

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੋਟਲ, ਮੈਰੇਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਹੋਈ ਹਰ ਚੋਣ ਮੀਟਿੰਗ, ਰੈਲੀ ਆਦਿ ਦੀ ਸੂਚਨਾ ਆਪਣੇ ਰਜਿਸਟਰ ਵਿੱਚ ਦਰਜ ਕੀਤੀ ਜਾਵੇ ਅਤੇ ਇਸ ਦੀ ਸੂਚਨਾ ਰੋਜ਼ਾਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਉਨ੍ਹਾਂ ਦੇ ਹੋਟਲ, ਪੈਲੇਸ ਆਦਿ ਵਿੱਚ ਚੋਣਾਂ ਸਬੰਧੀ ਇਕੱਠ ਜਾਂ ਮੀਟਿੰਗ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਉਸਦੀ ਪ੍ਰਮੀਸ਼ਨ ਦੇਖੀ ਜਾਵੇ। ਜੇਕਰ ਕਿਸੇ ਇਕੱਠ ਵਿੱਚ ਰਾਜਨੀਤਿਕ ਏਜੰਡਾ ਵਿਚਾਰਿਆ ਜਾ ਰਿਹਾ ਹੋਵੇ ਤਾਂ ਉਸਦੀ ਸੂਚਨਾ ਵੀ ਚੋਣ ਦਫ਼ਤਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਅਜਿਹਾ ਹਰ ਖ਼ਰਚਾ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਉਨ੍ਹਾਂ ਦੇ ਹੋਟਲ ਵਿੱਚ ਕਿਸੇ ਵਿਅਕਤੀ ਨੇ ਸਟੇਅ ਕੀਤਾ ਹੋਇਆ ਹੈ ਤਾਂ ਇਸ ਦੀ ਸੂਚਨਾ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਦੋਂ ਵੀ ਡਰਾਈ ਡੇਅ ਘੋਸ਼ਿਤ ਕੀਤੇ ਜਾਣ ਤਾਂ ਉਨ੍ਹਾਂ ਦਿਨਾਂ ਦੌਰਾਨ ਹੋਟਲਾਂ ਤੇ ਰੈਸਟੋਰੈਂਟ ਵਿੱਚ ਸ਼ਰਾਬ ਆਦਿ ਦੀ ਵਰਤੋਂ ਨਾ ਕਰਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਦੇ ਲਾਗੇ ਚੋਣ ਕਮਿਸ਼ਨ ਵੱਲੋਂ ਇਹ ਹਦਾਇਤ ਕੀਤੀ ਜਾਂਦੀ ਹੈ ਕਿ ਜ਼ਿਲ੍ਹੇ ਤੋਂ ਬਾਹਰੀ ਵਿਅਕਤੀ ਸਾਰੇ ਜ਼ਿਲ੍ਹੇ ਤੋਂ ਬਾਹਰ ਚਲੇ ਜਾਣ ਤਾਂ ਉਸ ਸਮੇਂ ਕਿਸੇ ਬਾਹਰੀ ਵਿਅਕਤੀ ਨੂੰ ਨਾ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਜਾਂ ਸੂਚਨਾ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਓਧਰ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰੋਮੇਸ਼ ਮਹਾਜਨ ਨੇ ਸਮੂਹ ਹੋਟਲ ਮਾਲਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।  

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਕਲਾਨੌਰ-ਕਮ-ਈ.ਆਰ.ਓ. ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਸ੍ਰੀਮਤੀ ਜਿਓਤਸਨਾ, ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਮਾਲ ਅਫ਼ਸਰ ਸ. ਜਸਕਰਨਜੀਤ ਸਿੰਘ, ਤਹਿਸੀਲਦਾਰ ਗੁਰਦਾਸਪੁਰ ਸ੍ਰੀ ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Written By
The Punjab Wire