ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ
ਗੁਰਦਾਸਪੁਰ, 19 ਮਾਰਚ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਮ ਨਾਗਰਿਕਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬੀ ਬਲਾਕ ਵਿੱਚ ਆਫ਼ਲਾਈਨ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਅਤੇ ਹਰ ਇੱਕ ਨਾਗਰਿਕ ਨੂੰ ਆਪਣੀ ਅਹਿਮ ਜ਼ਿੰਮੇਵਾਰੀ ਸਮਝਦਿਆਂ ਹੋਇਆ ਇਸ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਵਿਖੇ ਆਫ਼ਲਾਈਨ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਫ਼-ਲਾਈਨ ਸ਼ਿਕਾਇਤ ਸੈੱਲ ਦਾ ਨੋਡਲ ਅਫ਼ਸਰ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨਜੀਤ ਸਿੰਘ ਨੂੰ ਲਗਾਇਆ ਗਿਆ ਹੈ, ਜਦਕਿ ਡਾ. ਸ਼ਾਮ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਨੂੰ ਇਸ ਸੈੱਲ ਦਾ ਸਹਾਇਕ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਸਬੰਧੀ ਆਪਣੀ ਆਫ਼-ਲਾਈਨ ਸ਼ਿਕਾਇਤ ਇਸ ਸੈੱਲ ਵਿੱਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੈੱਲ ਨੂੰ ਈਮੇਲ complaintcellls2024@gmail.com ਰਾਹੀਂ ਵੀ ਆਪਣੀ ਸ਼ਿਕਾਇਤ ਭੇਜੀ ਜਾ ਸਕਦੀ ਹੈ।