Vigilance ਪੰਜਾਬ

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 
  • PublishedMarch 19, 2024

ਚੰਡੀਗੜ੍ਹ, 19 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Written By
The Punjab Wire