ਗੁਰਦਾਸਪੁਰ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ
  • PublishedMarch 20, 2024

ਗੁਰਦਾਸਪੁਰ, 20 ਮਾਰਚ 2024 (ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜੀ ਜਾ ਸਕਦੀ ਹੈ। ਸੀ-ਵਿਜ਼ਲ ਐਪ ‘ਤੇ ਪ੍ਰਾਪਤ ਹੁੰਦੀ ਸ਼ਿਕਾਇਤ ‘ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫ਼ੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਨ ਅਤੇ ਉਹ ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੇ ਵੋਟਰ ਹੈਲਪ ਲਾਈਨ ਨੰਬਰ 1950 ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 1800-180-1852 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਕਿਸੇ ਜਾਣਕਾਰੀ ਜਾਂ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ-ਵਿਜ਼ਲ ਐਪ ਜਾਂ ਕੰਟਰੋਲ ਰੂਮ ਉੱਪਰ ਆਉਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।

Written By
The Punjab Wire