ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਯਕੀਨੀ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ
ਮੀਟਿੰਗ ‘ਚ ਮਾਨ ਨੇ ਕਿਹਾ, ‘ਦੁਜਿਆਂ ਪਾਰਟੀਆਂ ਨੇ ਸਿਰਫ਼ ਲੁੱਟ-ਖਸੁੱਟ ਕੀਤੀ, ਅਸੀਂ ਪਿਛਲੇ ਦੋ ਸਾਲਾਂ ਤੋਂ ਪੰਜਾਬ ਲਈ ਅਣਥੱਕ ਮਿਹਨਤ ਕੀਤੀ, ਲੋਕ ਸਾਡੇ ਨਾਲ ਹਨ
ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਅਤੇ ਹੋਰ ‘ਆਪ’ ਆਗੂ ਵੀ ਹਾਜ਼ਰ ਸਨ
ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਲਈ ਮੈਦਾਨ ਵਿਚ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਕੀਤੇ ਸਾਰੇ ਕੰਮਾਂ ਨੂੰ ਲੈ ਕੇ ਲੋਕਾਂ ਤੱਕ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦਾਵਾ ਕੀਤਾ ਕਿ ਪਾਰਟੀ ਬਠਿੰਡਾ ਲੋਕ ਸਭਾ ਹਲਕੇ ਵਿੱਚ ਵੱਡੀ ਜਿੱਤ ਦਰਜ ਕਰੇਗੀ।
ਇਸ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਲੋਕ ਸਭਾ ਹਲਕੇ ਦੇ ‘ਆਪ’ ਵਿਧਾਇਕ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ। ਸਾਰਿਆਂ ਨੇ ਗੁਰਮੀਤ ਸਿੰਘ ਖੁੱਡੀਆਂ ਦਾ ਸਮਰਥਨ ਕੀਤਾ ਅਤੇ ਸਮੂਹਿਕ ਤੌਰ ‘ਤੇ ਉਨ੍ਹਾਂ ਨੂੰ ਅਤੇ ਪਾਰਟੀ ਨੂੰ ਇਹ ਸੀਟ ਜਿੱਤਾੳਕਣ ਦਾ ਭਰੋਸਾ ਦਿੱਤਾ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੇ ਸਿਰਫ਼ ਲੁੱਟ-ਖਸੁੱਟ ਕੀਤੀ ਅਤੇ ਉਨ੍ਹਾਂ ਦੇ ਸੰਸਦ ਮੈਂਬਰਾਂ ਨੇ ਆਮ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣ ਦੀ ਬਜਾਏ ਸਿਰਫ਼ ਆਲੀਸ਼ਾਨ ਜੀਵਨ ਸ਼ੈਲੀ ਵੱਲ ਧਿਆਨ ਦਿੱਤਾ। ਪਰ ਪੰਜਾਬ ਵਿੱਚ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ। ਲੋਕਾਂ ਨੇ ਸਾਡਾ ਕੰਮ ਦੇਖਿਆ ਹੈ ਅਤੇ ਉਹ ਸਾਡੇ ਨਾਲ ਹਨ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸਾਡੇ ਕੰਮਾਂ ਬਾਰੇ ਗੱਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਸੀਂ ਉਨ੍ਹਾਂ ਦੀ ਸੰਸਦ ਵਿੱਚ ਮਜਬੂਤੀ ਨਾਲ ਨੁਮਾਇੰਦਗੀ ਕਰਾਂਗੇ।