2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ – ਸ੍ਰੀ ਵਿਸ਼ੇਸ਼ ਸਾਰੰਗਲ
ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ
ਗੁਰਦਾਸਪੁਰ, 22 ਮਾਰਚ 2024 (ਦੀ ਪੰਜਾਬ ਵਾਇਰ )। 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਆਪਣੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਵਕ ਅਤੇ ਆਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।
ਅਗਾਮੀ ਲੋਕ ਸਭਾ ਚੋਣਾਂ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ‘ਤੇ ਜ਼ੋਰ ਦਿੰਦੇ ਹੋਏ, ਸ੍ਰੀ ਸਾਰੰਗਲ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਦੱਸਣਯੋਗ ਹੈ ਕਿ ਸ੍ਰੀ ਵਿਸ਼ੇਸ਼ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਵੀ ਬਤੌਰ ਡਿਪਟੀ ਕਮਿਸ਼ਨਰ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਉਨ੍ਹਾਂ ਦਾ ਕਾਰਜਕਾਲ ਵਿਕਾਸ ਨੂੰ ਉਤਸ਼ਾਹਿਤ ਕਰਨ ਵਾਲਾ ਅਤੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਾਦਗਾਰੀ ਰਿਹਾ ਹੈ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਿਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ. ਸੁਖਰਾਜ ਸਿੰਘ ਢਿਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।