ਗੁਰਦਾਸਪੁਰ

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ
  • PublishedMarch 22, 2024

ਬਟਾਲਾ/ਗੁਰਦਾਸਪੁਰ, 22 ਮਾਰਚ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

Written By
The Punjab Wire