ਰਮਨ ਬਹਿਲ ਨੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਕਿਹਾ ਕਿ ਕੇਜਰੀਵਾਲ ਨਾਲ ਚਟਾਨ ਵਾਂਗ ਖੜਾ ਹੈ ਪੂਰਾ ਪੰਜਾਬ
ਗੁਰਦਾਸਪੁਰ 1 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਹਨਾਂ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੁਖਲਾਹਟ ਵਿੱਚ ਆ ਕੇ ਕੇਂਦਰੀ ਏਜੰਸੀ ਦੀ ਦੁਰਵਰਤੋਂ ਕਰ ਰਹੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਅਰਵਿੰਦ ਅਰਵਿੰਦ ਕੇਜਰੀਵਾਲ ਦੇਸ਼ ਵਾਸੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ ਕਿਉਂਕਿ ਉਹਨਾਂ ਨੇ ਪੰਜਾਬ ਅਤੇ ਦਿੱਲੀ ਵਿੱਚ ਸਿਹਤ ਸਿੱਖਿਆ ਸਮੇਤ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਹਨ ਜਿਸ ਦੀ ਬਦੌਲਤ ਹਰੇਕ ਵਰਗ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੀ ਪਾਰਟੀ ਨੂੰ ਪਸੰਦ ਕਰ ਰਹੇ ਹਨ। ਇਸ ਕਾਰਨ ਭਾਜਪਾ ਨੂੰ ਆਪਣੀ ਹਾਰ ਸਪਸ਼ਟ ਦਿਖਾਈ ਦੇ ਰਹੀ ਸੀ ਜਿਸ ਕਾਰਨ ਉਹਨਾਂ ਨੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋਂ ਪਹਿਲਾਂ ਹੀ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਦੇ ਪਿੱਛੇ ਬੰਦ ਕਰਨ ਦੀ ਕੋਜੀ ਹਰਕਤ ਕੀਤੀ ਹੈ।
ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਗੁਰਦਾਸਪੁਰ ਦੇ ਸਮੁੱਚੇ ਵਲੰਟੀਅਰ ਅਤੇ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੀ ਸੋਚ ਨਾਲ ਜਿੱਥੇ ਸਿਆਸੀ ਤੌਰ’ ਤੇ ਜੁੜੇ ਹੋਏ ਹਨ ਉੱਥੇ ਨਿੱਜੀ ਤੌਰ ‘ਤੇ ਵੀ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜੇ ਹਨ। ਉਹਨਾਂ ਦਿੱਲੀ ਪਹੁੰਚੇ ਸਮੂਹ ਸਾਥੀਆਂ ਸਮਰਥਕਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਲੋਕਾਂ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਵਿਰੁੱਧ ਇੱਕ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੀ ਬਦੌਲਤ ਦਿੱਲੀ ਪਹੁੰਚ ਕੇ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਉਹਨਾਂ ਸੁਨੀਤਾ ਕੇਜਰੀਵਾਲ ਨੂੰ ਭਰੋਸਾ ਦਵਾਇਆ ਕਿ ਉਹ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਛੇ ਗਰੰਟੀਆਂ ਦਾ ਘਰ ਘਰ ਪ੍ਰਚਾਰ ਕਰਨਗੇ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਕਿਹੜੇ ਉਪਰਾਲੇ ਕੀਤੇ ਜਾਣਗੇ।