ਵੋਟਰ ਜਾਗਰੂਕਤਾ ਮੁਹਿੰਮ ਤਹਿਤ ਬੂਥ ਲੈਵਲ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ
ਪਿੰਡ ਝਾਵਰ ਵਿਖੇ ਆਮ ਨਾਗਰਿਕਾਂ ਤੇ ਸਕੂਲ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ
ਗੁਰਦਾਸਪੁਰ, 9 ਅਪ੍ਰੈਲ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਟੀਮ ਅਤੇ ਬੀ.ਐੱਲ.ਓਜ਼ ਦੇ ਸਹਿਯੋਗ ਨਾਲ ਬੂਥ ਲੈਵਲ ਅਵੇਅਰਨੈੱਸ ਗਰੁੱਪ ਅਤੇ ਚੋਣ ਪਾਠਸ਼ਾਲਾ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਬੂਥਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੇ ਵਡਮੁੱਲੇ ਹੱਕ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝਾਵਰ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਨੀ ਬਾਰੇ ਜਾਣੂ ਕਰਵਾਉਂਦਿਆਂ ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝਾਵਰ ਵਿਖੇ ਆਮ ਨਾਗਰਿਕਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਵੱਲੋਂ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੋਟਰਾਂ ਨੂੰ ਮਤਦਾਨ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।