ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਕਿਹਾ, ਸੂਬਾ ਸਰਕਾਰ ਨੇ ਇਸ ਸਬੰਧੀ ਕੀਤਾ ਪੁਖਤਾ ਪ੍ਰਬੰਧ 

ਚੰਡੀਗੜ੍ਹ, 9 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ।

ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਣਕ ਦਾ ਅਨੁਮਾਨਿਤ ਉਤਪਾਦਨ 161.30 ਲੱਖ ਮਿਲੀਅਨ ਟਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਫਸਲ ਦਾ ਝਾੜ 12 ਲੱਖ ਮੀਟ੍ਰਿਕ ਟਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੈਦਾ ਕੀਤੇ ਇੱਕ-ਇੱਕ ਦਾਣੇ ਦੀ ਨਿਰਵਿਘਨ ਅਤੇ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਨੂੰ ਉਹਨਾਂ ਦੀ ਫਸਲ ਮੰਡੀਆਂ ਵਿੱਚ ਲਿਆਉਣ ‘ਤੇ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਇੱਕ ਢੁਕਵੀਂ ਪ੍ਰਣਾਲੀ ਤਿਆਰ ਕੀਤੀ ਗਈ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1908 ਨਿਯਮਤ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਜੰਸੀਆਂ ਦੀ ਖਰੀਦ ਵੰਡ ਅਤੇ ਨਜ਼ਦੀਕੀ ਸਟੋਰੇਜ ਪੁਆਇੰਟਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਏਜੰਸੀਆਂ ਨੂੰ ਇਹ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਵੱਲੋਂ ਪ੍ਰਾਪਤ ਸਿਫ਼ਾਰਸ਼ਾਂ ਅਨੁਸਾਰ ਜਨਤਕ ਥਾਵਾਂ ਅਤੇ ਚੌਲ ਮਿੱਲਾਂ ਨੂੰ ਆਰਜ਼ੀ ਯਾਰਡ ਐਲਾਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Exit mobile version