ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ
  • PublishedApril 24, 2024

ਕਣਕ ਦੀ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਦੂਜੇ ਸਥਾਨ ‘ਤੇ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਗਜਨੀਪੁਰ ਦਾਣਾ ਮੰਡੀ ਦਾ ਦੌਰਾ

ਮੰਡੀਆਂ ਵਿੱਚ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 24 ਅਪ੍ਰੈਲ 2024 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਦੂਜੇ ਸਥਾਨ ‘ਤੇ ਹੈ।

ਅੱਜ ਦਾਣਾ ਮੰਡੀ ਗਜਨੀਪੁਰ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਪੂਰੇ ਭਾਅ ’ਤੇ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 79799 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 65918 ਮੀਟਰਿਕ ਟਨ ਕਣਕ ਦੀ ਫ਼ਸਲ ਨੂੰ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 115.18 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਫਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਵਿਚੋਂ ਦੂਜੇ ਸਥਾਨ ‘ਤੇ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੂਡ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਬੈਠਣ ਲਈ ਛਾਂ, ਪੀਣ ਵਾਲੇ ਪਾਣੀ, ਟਾਇਲਟ, ਬਿਜਲੀ ਅਤੇ ਸਫ਼ਾਈ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਆਪਣੇ ਕੋਲ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਕੇ ਰੱਖਣ ਤਾਂ ਜੋ ਬਰਸਾਤ ਆਦਿ ਦੀ ਸੂਰਤ ਵਿੱਚ ਫ਼ਸਲ ਨੂੰ ਬਾਰਸ਼ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਢੇਰ ਨਾ ਲੱਗਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਲਿਫ਼ਟਿੰਗ ਵਿੱਚ ਦੇਰੀ ਹੋਈ ਤਾਂ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਆਈ ਕਣਕ ਦੀ ਫ਼ਸਲ ਨੂੰ ਸਮੇਂ ਸਿਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਜੇਕਰ ਫਿਰ ਵੀ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

Written By
The Punjab Wire