ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ

ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ
  • PublishedApril 26, 2024

ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਸੂਬੇ ‘ਚੋਂ ਤੀਸਰੇ ਸਥਾਨ ‘ਤੇ

ਗੁਰਦਾਸਪੁਰ, 26 ਅਪ੍ਰੈਲ 2024 ( ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਕਰਨ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਸੂਬੇ ‘ਚੋਂ ਤੀਸਰੇ ਸਥਾਨ ‘ਤੇ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 199431 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ 179708 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।  ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ  ਖ਼ਰੀਦ ਏਜੰਸੀ ਪਨਗਰੇਨ ਨੇ 5720 ਮੀਟਰਿਕ ਟਨ, ਮਾਰਕਫੈੱਡ ਨੇ 38296 ਮੀਟਰਿਕ ਟਨ, ਪਨਸਪ ਨੇ 44553 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 37099 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 2490 ਮੀਟਰਿਕ ਟਨ ਕਣਕ ਖ਼ਰੀਦੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 257.4 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਨੂੰ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਦੀ ਜਿਨਸ ਨੂੰ ਖ਼ਰੀਦ ਕੇ ਬਿਨਾਂ ਕਿਸੇ ਦੇਰੀ ਉਸਦੀ ਅਦਾਇਗੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਲਿਫ਼ਟਿੰਗ ਕਰਨ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਸੂਬੇ ਵਿੱਚ ਤੀਸਰੇ ਸਥਾਨ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਬੀਤੀ ਸ਼ਾਮ ਤੱਕ 61651.5 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

Written By
The Punjab Wire