ਗੁਰਦਾਸਪੁਰ

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ
  • PublishedApril 29, 2024

ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਮਹੌਲ ਵਿੱਚ ਸਮੁੱਚੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 29 ਅਪ੍ਰੈਲ 2024 ( ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਅਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਸ. ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ, ਐੱਸ.ਪੀ. ਪਠਾਨਕੋਟ ਸ. ਗੁਰਬਾਜ਼ ਸਿੰਘ ਤੋਂ ਇਲਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਮੂਹ ਏ.ਆਰ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਮਹੌਲ ਵਿੱਚ ਸਮੁੱਚੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ। ਮੀਟਿੰਗ ਦੌਰਾਨ ਚੋਣਾਂ ਦੇ ਨੋਟੀਫ਼ਿਕੇਸ਼ਨ ਸਬੰਧੀ ਇੰਤਜ਼ਾਮ, ਨਾਮੀਨੇਸ਼ਨ ਦੌਰਾਨ ਸੁਰੱਖਿਆ ਦੇ ਪ੍ਰਬੰਧਾਂ, ਨਵੀਆਂ ਬਣੀਆਂ ਵੋਟਾਂ ਦੇ ਵੋਟਰ ਸ਼ਨਾਖ਼ਤੀ ਕਾਰਡਾਂ ਦੀ ਵੰਡ, ਪੋਲਿੰਗ ਸਟੇਸ਼ਨਾਂ ਦੀ ਤਿਆਰੀ, ਈ.ਵੀ.ਐੱਮ. ਮਸ਼ੀਨਾਂ ਦੀ ਰੈਨਡੋਮਾਈਜ਼ੇਸ਼ਨ, ਪੋਲਿੰਗ ਸਟਾਫ਼ ਦੀ ਰੈਨਡੋਮਾਈਜ਼ੇਸ਼ਨ ਅਤੇ ਸਿਖਲਾਈ, ਸੀਨੀਅਰ ਸਿਟੀਜ਼ਨ ਅਤੇ ਦਿਵਿਆਂਗ ਵੋਟਰਾਂ ਲਈ ਪੋਸਟਲ ਬੈਲਟ ਪੇਪਰ, ਕਾਊਂਟਿੰਗ ਸੈਂਟਰਾਂ ਦੀ ਤਿਆਰੀ ਅਤੇ ਅਮਨ, ਕਾਨੂੰਨ ਵਿਵਸਥਾ ਬਾਰੇ ਵਿਚਾਰ ਚਰਚਾ ਕੀਤੀ ਗਈ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 1 ਜੂਨ ਨੂੰ ਚੋਣਾਂ ਵਾਲੇ ਦਿਨ ਗਰਮੀ ਪੈਣ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਹਰ ਪੋਲਿੰਗ ਬੂਥ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ 5 ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਜਿਨ੍ਹਾਂ ਦੀ ਜ਼ਿਲ੍ਹੇ ਵਿੱਚ ਕੁੱਲ ਗਿਣਤੀ 35 ਹੋਵੇਗੀ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ਵਿੱਚ ਇੱਕ ਪਿੰਕ ਪੋਲਿੰਗ ਸਟੇਸ਼ਨ ਬਣਾਇਆ ਜਾਵੇਗਾ ਜਿਸ ਵਿੱਚ ਚੋਣ ਸਟਾਫ਼ ਕੇਵਲ ਮਹਿਲਾਵਾਂ ਹੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਵਲੰਟੀਅਰ ਤਾਇਨਾਤ ਕੀਤੇ ਜਾਣਗੇ ਜੋ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਕਰਨ ਦੇ ਨਾਲ ਪੋਲਿੰਗ ਸਟੇਸ਼ਨ ਉੱਪਰ ਲੱਗਣ ਵਾਲੀਆਂ ਲਾਈਨਾਂ ਨੂੰ ਮੈਨੇਜ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਦਿਆਂ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤਤਾ ਵਧਾਈ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੀ ਆਪਣੇ ਲਾਇਸੰਸੀ ਹਥਿਆਰ ਜਮਾਂ ਨਹੀਂ ਕਰਵਾਏ ਉਹ ਤੁਰੰਤ ਜਮਾਂ ਕੀਤੇ ਜਾਣ। ਇਸ ਤੋਂ ਇਲਾਵਾ ਸ਼ਰਾਰਤੀ ਅਨਸਰਾਂ ਉੱਪਰ ਖ਼ਾਸ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਅਤੇ ਨਗਦੀ ਦੇ ਵਰਤਾਰੇ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾਵੇ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਗੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਆਫ਼ ਲਾਈਨ 124 ਸ਼ਿਕਾਇਤਾਂ ਆਈਆਂ ਸਨ ਜਿਨ੍ਹਾਂ ਵਿਚੋਂ 122 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 2 ਉੱਪਰ ਕਾਰਵਾਈ ਜਾਰੀ ਹੈ। ਏਸੇ ਤਰਾਂ 1950 ਹੈਲਪ ਲਾਈਨ ਨੰਬਰ ਉੱਪਰ 29 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ-ਵਿਜ਼ਲ ਐਪ ਉੱਪਰ 22 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਸਾਰੀਆਂ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

Written By
The Punjab Wire