ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਨੇ ਕਣਕ ਦੀ ਫ਼ਸਲ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਕਰਨ ਦਾ ਰਿਕਾਰਡ ਬਣਾਇਆ

ਜ਼ਿਲ੍ਹਾ ਗੁਰਦਾਸਪੁਰ ਨੇ ਕਣਕ ਦੀ ਫ਼ਸਲ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਕਰਨ ਦਾ ਰਿਕਾਰਡ ਬਣਾਇਆ
  • PublishedApril 29, 2024

ਬੀਤੇ ਕੱਲ੍ਹ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 29710 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 334139 ਮੀਟਰਿਕ ਟਨ ਕਣਕ ਖ਼ਰੀਦਣ ਦੇ ਨਾਲ ਕਿਸਾਨਾਂ ਨੂੰ 641.30 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ – ਡਿਪਟੀ ਕਮਿਸ਼ਨਰ ਸ੍ਰੀ‌ ਵਿਸ਼ੇਸ਼ ਸਾਰੰਗਲ

ਗੁਰਦਾਸਪੁਰ, 29 ਅਪ੍ਰੈਲ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਖ਼ਰੀਦ ਏਜੰਸੀਆਂ ਵੱਲੋਂ ਜਿੱਥੇ ਕਿਸਾਨਾਂ ਦੀ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਖ਼ਰੀਦਿਆ ਜਾ ਰਿਹਾ ਹੈ ਓਥੇ ਖ਼ਰੀਦੀ ਗਈ ਕਣਕ ਦੀ ਮੰਡੀਆਂ ਵਿਚੋਂ ਲਿਫ਼ਟਿੰਗ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ ਨੇ ਕਣਕ ਦੀ ਫ਼ਸਲ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਕਰਨ ਦਾ ਰਿਕਾਰਡ ਬਣਾਉਂਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ਵਿੱਚ 29710 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਹੈ। ਪਿਛਲੇ ਸਾਲ ਇੱਕ ਦਿਨ ਵਿੱਚ ਵੱਧ ਤੋਂ ਵੱਧ 25914 ਮੀਟਰਿਕ ਟਨ ਲਿਫ਼ਟਿੰਗ ਕਰਨ ਦਾ ਰਿਕਾਰਡ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ਸਲ ਦੀ ਖ਼ਰੀਦ ਅਤੇ ਉਸਦੀ ਅਦਾਇਗੀ ਦੇ ਨਾਲ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਮੰਡੀਆਂ ਵਿੱਚ ਥਾਂ ਦੀ ਕਮੀ ਨਾ ਆਵੇ।

ਕਣਕ ਦੀ ਖ਼ਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 361745 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 334139 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।  ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ  ਖ਼ਰੀਦ ਏਜੰਸੀ ਪਨਗਰੇਨ ਨੇ 96493 ਮੀਟਰਿਕ ਟਨ, ਮਾਰਕਫੈੱਡ ਨੇ 80576 ਮੀਟਰਿਕ ਟਨ, ਪਨਸਪ ਨੇ 77304 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 66827 ਮੀਟਰਿਕ ਟਨ, ਐੱਫ਼.ਸੀ.ਆਈ. ਨੇ 8839 ਮੀਟਰਿਕ ਟਨ ਅਤੇ ਵਪਾਰੀਆਂ ਨੇ 4100 ਮੀਟਰਿਕ ਟਨ ਕਣਕ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 641.30 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।  ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਏਵੇਂ ਹੀ ਜਾਰੀ ਰਹੇਗੀ।

Written By
The Punjab Wire