Close

Recent Posts

ਗੁਰਦਾਸਪੁਰ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਸਮਾਂ ਸਾਰਨੀ ਜਾਰੀ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਸਮਾਂ ਸਾਰਨੀ ਜਾਰੀ
  • PublishedMay 3, 2024

5 ਮਈ ਨੂੰ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਵੇਗੀ

ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਅਮਲ ਵਿੱਚ ਲੱਗੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ , ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਦੀ ਹਦਾਇਤ ਕੀਤੀ

ਗੁਰਦਾਸਪੁਰ, 3 ਮਈ 2024 ( ਦੀ ਪੰਜਾਬ ਵਾਇਰ )। ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਲਈ ਸਮਾਂ ਸਾਰਨੀ ਨੂੰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੋਮਾਈਜੇਸ਼ਨ 25 ਅਪ੍ਰੈਲ ਨੂੰ ਮੁਕੰਮਲ ਹੋ ਚੁੱਕੀ ਹੈ ਅਤੇ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ 5 ਮਈ ਨੂੰ ਨਿਰਧਾਰਿਤ ਕੀਤੇ ਵੱਖ-ਵੱਖ ਥਾਵਾਂ ‘ਤੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਦੂਸਰੀ ਰੈਂਡੇਮਾਈਜੇਸ਼ਨ 15 ਮਈ ਨੂੰ ਹੋਵੇਗੀ ਅਤੇ ਦੂਸਰੀ ਰਿਹਰਸਲ 19 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਪੋਲਿੰਗ ਸਟਾਫ਼ ਦੀ ਤੀਸਰੀ ਰਿਹਰਸਲ ਹੋਵੇਗੀ। ਇਸ ਤੋਂ ਬਾਅਦ 30 ਮਈ ਪੋਲਿੰਗ ਸਟਾਫ਼ ਦੀ ਤੀਸਰੀ ਰੈਂਡੋਮਾਈਜੇਸ਼ਨ ਕੀਤੀ ਜਾਵੇਗੀ ਅਤੇ 31 ਮਈ ਨੂੰ ਚੌਥੀ ਰਿਹਰਸਲ ਕਰਨ ਉਪਰੰਤ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਲੋਕ ਸਭਾ ਦੀਆਂ ਵੋਟਾਂ ਪੈਣਗੀਆਂ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਪੋਲਿੰਗ ਸਟਾਫ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਚੋਣ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਹਰ ਰਿਹਰਸਲ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰੀ ਭਰੇ ਅਤੇ ਸਮੁੱਚੀ ਚੋਣ ਪ੍ਰੀਕ੍ਰਿਆ ਨੂੰ ਚੰਗੀ ਤਰ੍ਹਾਂ ਸਮਝ ਲਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰਾਂ ਦੀ ਅਣਗਹਿਲੀ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Written By
The Punjab Wire