ਰਿਟਰਨਿੰਗ ਅਫ਼ਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ
ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਹੁਣ ਤੱਕ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ
ਗੁਰਦਾਸਪੁਰ, 10 ਮਈ 2024 (ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਲੋਕ ਸਭਾ ਚੋਣ ਹਲਕਾ 01 ਗੁਰਦਾਸਪੁਰ ਤੋਂ ਅੱਜ 09 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਡਾ. ਕਰਮਜੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਅੱਜ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਮੌਕੇ ਸੁਖਜਿੰਦਰ ਸਿੰਘ ਦੀ ਧਰਮ ਪਤਨੀ ਜਤਿੰਦਰ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ ਹਨ।
ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਦਿਨੇਸ਼ ਬੱਬੂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮੀਨਾ ਨੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕੀਤੇ।
ਇਨ੍ਹਾਂ ਤੋਂ ਇਲਾਵਾ ਅਜ਼ਾਦ ਉਮੀਦਵਾਰ ਸੰਜੀਵ ਮਨਹਾਸ, ਅਜ਼ਾਦ ਉਮੀਦਵਾਰ ਰੋਬੀ ਮਸੀਹ, ਜਨ ਸੇਵਾ ਡਰਾਇਵਰ ਪਾਰਟੀ ਦੇ ਉਮੀਦਵਾਰ ਰਣਜੋਧ ਸਿੰਘ, ਅਜ਼ਾਦ ਉਮੀਦਵਾਰ ਅਮਿਤ ਅਗਰਵਾਲ ਅਤੇ ਅਜ਼ਾਦ ਉਮੀਦਵਾਰ ਸੈਮੁਅਲ ਸੋਨੀ ਵੱਲੋਂ ਵੀ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਹਨ।
ਵਰਨਣਯੋਗ ਹੈ ਕਿ ਲੋਕ ਸਭਾ ਹਲਕਾ 01 ਗੁਰਦਾਸਪੁਰ ਲਈ ਇਸ ਤੋਂ ਪਹਿਲਾਂ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 11 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ।
ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਿਤੀ 11 ਅਤੇ 12 ਮਈ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਰਹੇਗੀ ਅਤੇ ਇਨ੍ਹਾਂ ਦੋ ਦਿਨਾਂ ਵਿੱਚ ਨਾਮਜ਼ਦਗੀਆਂ ਨਹੀਂ ਹੋਣਗੀਆਂ। ਉਸ ਤੋਂ ਬਾਅਦ ਮਿਤੀ 13 ਅਤੇ 14 ਮਈ ਨੂੰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
ਇਸ ਮੌਕੇ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ‘ਤੇ 95 ਲੱਖ ਰੁਪਏ ਤੱਕ ਹੀ ਚੋਣ ਖ਼ਰਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣ ਖ਼ਰਚੇ ਦੌਰਾਨ ਉਮੀਦਵਾਰਾਂ ਵੱਲੋਂ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ਦਾ ਪੂਰਾ ਰਿਕਾਰਡ ਰੱਖਣਾ ਜ਼ਰੂਰੀ ਹੈ ਅਤੇ ਸਾਰੇ ਖ਼ਰਚ ਬਾਰੇ “ਖ਼ਰਚਾ ਰਜਿਸਟਰ” ਵਿੱਚ ਇੰਦਰਾਜ ਦਰਜ ਕੀਤੇ ਜਾਣ। ਉਨ੍ਹਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।