ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਤੇ ਸੁਰੱਖਿਆ ਪ੍ਰਬੰਧਾਂ ਦਾ ਰੀਵਿਊ ਕੀਤਾ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਤੇ ਸੁਰੱਖਿਆ ਪ੍ਰਬੰਧਾਂ ਦਾ ਰੀਵਿਊ ਕੀਤਾ
  • PublishedMay 22, 2024

ਗੁਰਦਾਸਪੁਰ, 22 ਮਈ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ 24 ਮਈ ਨੂੰ ਦੀਨਾਨਗਰ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 24 ਮਈ ਨੂੰ ਦੀਨਾਨਗਰ ਦੇ ਨੇੜੇ ਬਾਈਪਾਸ ਕੋਲ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਜੀ ਦੀ ਫੇਰੀ ਦੌਰਾਨ ਜਿਨ੍ਹਾਂ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਕਾਨੂੰਨ ਵਿਵਸਥਾ ਦੀ ਬਹਾਲੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਲੱਗੀ ਹੈ ਉਸਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰਾਂ ਦੀ ਕਮੀ ਜਾਂ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire