ਗੁਰਦਾਸਪੁਰ

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ
  • PublishedMay 30, 2024

ਜ਼ਿਲ੍ਹੇ ਵਿੱਚ ਪੂਰੀ ਤਰਾਂ ਅਜ਼ਾਦਾਨਾ, ਸ਼ਾਂਤਮਈ ਅਤੇ ਨਿਰਪੱਖ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲ੍ਹਾ ਚੋਣ ਅਧਿਕਾਰੀ

ਗੁਰਦਾਸਪੁਰ, 30 ਮਈ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਵੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦਾ ਹੈ ਜਿਸ ਕਾਰਨ ਇਹ ਸੁਰੱਖਿਆ ਦੇ ਪੱਖ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸ਼ਾਂਤਮਈ, ਅਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਤੇ ਸਹੂਲਤ ਲਈ ਵੋਟਰ ਫੈਸਲੀਟੇਸ਼ਨ ਸੈਂਟਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਉੱਪਰ ਸੁਰੱਖਿਆ ਦਾ ਜ਼ਿੰਮਾ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਮਿਲ ਕੇ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸੁਰੱਖਿਆ ਕਰਮੀਆਂ ਆਪਣੀ ਚੋਣ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮੁੱਚਾ ਚੋਣ ਅਮਲ ਅਮਨ-ਅਮਾਨ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਰਮੀਆਂ ਦੇ ਰਹਿਣ-ਸਹਿਣ ਅਤੇ ਖਾਣੇ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਅਤੇ ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਕੇਂਦਰੀ ਸੁਰੱਖਿਆ ਫੋਰਸਾਂ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸੁਰੱਖਿਆ ਦੇ ਪੱਖ ਤੋਂ ਅਹਿਮ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਪੰਜਾਬ ਪੁਲਿਸ ਦੇ ਜਵਾਨਾਂ ਦਾ ਪੂਰਾ ਸਹਿਯੋਗ ਰਹੇਗਾ ਅਤੇ ਸੁਰੱਖਿਆ ਦੇ ਪੱਖ ਤੋਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾਵੇਗੀ।

Written By
The Punjab Wire