ਗੁਰਦਾਸਪੁਰ

ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ

ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ
  • PublishedMay 31, 2024

ਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ

ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ

ਸ਼ਾਂਤੀਪੂਰਨ ਤੇ ਨਿਰਪੱਖ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ

ਪੋਲਿੰਗ ਬੂਥ ਦੇ ਅੰਦਰ ਵੋਟਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਵੋਟਰਾਂ ਨੂੰ ਵੱਧ ਚੜ੍ਹ ਕੇ ਵੋਟਾਂ ’ਚ ਹਿੱਸਾ ਲੈਣ ਦਾ ਸੱਦਾ

ਗੁਰਦਾਸਪੁਰ, 31 ਮਈ 2024 (ਦੀ ਪੰਜਾਬ ਵਾਇਰ ) । 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਲੋਕ ਸਭਾ ਹਲਕਾ ਗੁਰਦਾਸਪੁਰ ਦੇ 1885 ਪੋਲਿੰਗ ਬੂਥਾਂ ਲਈ ਸਾਰੀਆਂ ਪੋਲਿੰਗ ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਈ.ਵੀ.ਐਮ. ਮਸ਼ੀਨਾਂ ਲੈ ਕੇ ਸ਼ਾਮ ਤੱਕ ਆਪਣੇ ਪੋਲਿੰਗ ਬੂਥਾਂ ਉੱਪਰ ਪਹੁੰਚ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਵੋਟਾਂ ਪਵਾਉਣ ਲਈ ਹਰ ਲਿਹਾਜ ਨਾਲ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਲਈ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਖਾਣਾ, ਚਾਹ, ਮੈਡੀਕਲ ਸਹਾਇਤਾ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ।

ਸ੍ਰੀ ਵਿਸ਼ੇਸ਼ ਸਾਰੰਗਲ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 1614387 ਵੋਟਰ ਹਨ, ਜਿਨ੍ਹਾਂ ਵਿੱਚ 842773 ਮਰਦ ਅਤੇ 749113 ਮਹਿਲਾ ਅਤੇ 37 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 1885 ਪੋਲਿੰਗ ਬੂਥ ਬਣਾਏ ਗਏ ਹਨ। ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਲੋਕ ਸਭਾ ਹਲਕੇ ਵਿੱਚ 8484 ਪੋਲਿੰਗ ਸਟਾਫ਼ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਿਜ਼ਰਵ ਪੋਲਿੰਗ ਸਟਾਫ਼ ਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੇ ਲੋਕ ਸਭਾ ਹਲਕੇ ਵਿੱਚ 561 ਮਾਈਕਰੋ ਆਬਜ਼ਰਵਰ ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਗਏ ਹਨ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੁਤੰਤਰ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣ ਦੌਰਾਨ ਵੋਟਰਾਂ ਦੇ ਵੋਟਿੰਗ ਦੇ ਤਜਰਬੇ ਨੂੰ ਸੁਖਾਵਾਂ ਅਤੇ ਆਰਾਮਦਾਇਕ ਬਣਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਪਾਣੀ, ਬੈਠਣ ਦੀ ਸੁਵਿਧਾ, ਡਾਕਟਰੀ ਸਹਾਇਤਾ, ਕਤਾਰਾਂ ਦਾ ਸੁਚੱਜਾ ਪ੍ਰਬੰਧ, ਵੋਟਰਾਂ ਦੀ ਸਹਾਇਤਾ ਲਈ ਵਲੰਟੀਅਰ ਆਦਿ ਦੇ ਇੰਤਜ਼ਾਮ ਕੀਤੇ ਗਏ ਹਨ।

ਇਸੇ ਤਰ੍ਹਾਂ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1-1 (ਕੁਲ-9) ਪਿੰਕ ਪੋਲਿੰਗ ਸਟੇਸ਼ਨ ਵੀ ਬਣਾਏ ਗਏ ਹਨ, ਜਿਨ੍ਹਾਂ ਦਾ ਸੰਚਾਲਨ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਜਿਸ ਦਾ ਪ੍ਰਬੰਧ ਦਿਵਿਆਂਗ (ਪੀ.ਡਬਲਯੂ.ਡੀ.) ਸਟਾਫ਼ ਵੱਲੋਂ ਚਲਾਇਆ ਜਾਵੇਗਾ ਸਥਾਪਤ ਕੀਤੇ ਗਏ ਹਨ। ਯੂਥ ਪੋਲਿੰਗ ਬੂਥ ਵਿਖੇ ਚੋਣ ਪ੍ਰਕਿਰਿਆ ਨੌਜਵਾਨ ਸਟਾਫ਼ ਵੱਲੋਂ ਕਰਵਾਈ ਜਾਵੇਗੀ। ਇਸਦੇ ਨਾਲ ਹੀ ਹਲਕੇ ਵਿੱਚ ਗਰੀਨ ਪੋਲਿੰਗ ਬੂਥ ਵੀ ਸਥਾਪਤ ਕੀਤੇ ਗਏ ਹਨ।

ਤੇਜ਼ ਗਰਮੀ ਤੋਂ ਵੋਟਰਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰੇਕ ਪੋਲਿੰਗ ਬੂਥ ’ਤੇ ਪੀਣ ਵਾਲੇ ਪਾਣੀ, ਪੱਖਿਆਂ, ਵੇਟਿੰਗ ਏਰੀਆ, ਸ਼ਾਮਿਆਨਾ, ਵੀਲ੍ਹ ਚੇਅਰ, ਰੈਂਪ, ਪਖਾਨੇ ਆਦਿ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਮਹੂਰੀਅਤ ਵਿੱਚ ਇਕ-ਇਕ ਵੋਟ ਬਹੁਤ ਅਹਿਮ ਹੁੰਦੀ ਹੈ, ਇਸ ਲਈ ਹਰੇਕ ਵੋਟਰ ਨੂੰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਉਨ੍ਹਾਂ ਇਸਦੇ ਨਾਲ ਹੀ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਵੋਟ ਪਾਉਣ ਜਾਣ ਸਮੇਂ ਆਪਣੇ ਨਾਲ ਮੋਬਾਇਲ ਫੋਨ ਨਾ ਲੈ ਕੇ ਜਾਣ ਕਿਉਂਕਿ ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਲਿਜਾਣ ਦੀ ਮਨਾਹੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੇ ਪ੍ਰਵਾਹ ਦੀ ਰੋਕਥਾਮ ਲਈ ਪੂਰੇ ਹਲਕੇ ਵਿੱਚ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਇਸੇ ਤਰ੍ਹਾਂ ਲੋਕ ਸਭਾ ਹਲਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ (ਸਮੇਤ ਜ਼ਿਲਾ ਪਠਾਨਕੋਟ) ਵਿੱਚ 514 ਵਲਨਰੇਬਲ ਪੋਲਿੰਗ ਬੂਥ ਹਨ, ਜਿੱਥੇ ਮਾਈਕਰੋ ਆਬਜ਼ਰਵਰਾਂ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਨਗਦੀ ਅਤੇ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਸਾਂਝੀਆਂ ਨਿਗਰਾਨੀ ਟੀਮਾਂ ਵੱਲੋਂ ਵੱਖ-ਵੱਖ ਪੁਆਇੰਟਾਂ ‘ਤੇ ਚੈਕਿੰਗ ਹੋਰ ਵਧਾਈ ਗਈ ਹੈ। ਉਨ੍ਹਾਂ ਕਿਹਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Written By
The Punjab Wire