Close

Recent Posts

ਗੁਰਦਾਸਪੁਰ

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ: ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ: ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ
  • PublishedJune 2, 2024

ਗੁਰਦਾਸਪੁਰ, 2 ਜੂਨ 2024 ( ਦੀ ਪੰਜਾਬ ਵਾਇਰ )। ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ, ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ, ਏ.ਆਰ.ਓ ਅਤੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਨੂੰ ਤਾਲਾ ਲਗਾ ਕੇ ਸੀਲਬੰਦ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕੇ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਬਟਾਲਾ, ਫ਼ਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ ਪਠਾਨਕੋਟ, ਭੋਆ ਅਤੇ ਸੁਜਾਨਪੁਰ ਦੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਵਿਖੇ ਸਥਾਪਤ ਕੀਤੇ ਗਏ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 4 ਜੂਨ ਨੂੰ ਸਵੇਰੇ 8:00 ਵਜੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ ਜਦਕਿ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਵਿਖੇ ਹੋਵੇਗੀ।

Written By
The Punjab Wire