Close

Recent Posts

ਮੁੱਖ ਖ਼ਬਰ

ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
  • PublishedJune 13, 2024

ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਸੁੰਦਰੀਕਰਨ ਦੀ ਵੀ ਕੀਤੀ ਅਪੀਲ

ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੇ ਨਰਿੰਦਰ ਮੋਦੀ ਨੂੰ ਭੇਜੀਆਂ ਸੁਭਕਾਮਨਾਵਾਂ

ਚੰਡੀਗੜ੍ਹ, 13 ਜੂਨ 2024 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।

ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।

ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਸ੍ਰੀ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।

Written By
The Punjab Wire