ਗੁਰਦਾਸਪੁਰ ਪੰਜਾਬ

ਫਰਜ਼ੀ ਭਰਤੀ ਲਈ 4,25,000 ਰੁਪਏ ਲੈਣ ਵਾਲਾ ਸਾਬਕਾ ਫੌਜੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਫਰਜ਼ੀ ਭਰਤੀ ਲਈ 4,25,000 ਰੁਪਏ ਲੈਣ ਵਾਲਾ ਸਾਬਕਾ ਫੌਜੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
  • PublishedJune 14, 2024

ਚੰਡੀਗੜ੍ਹ, 13 ਜੂਨ, 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਵਿਰੁੱਧ ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਤਹਿਸੀਲ ਗੁਰੂਹਰਸਹਾਏ, ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਇੱਕ ਕਿਸਾਨ ਹੈ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਹੈ। ਉਸ ਦੀਆਂ ਦੋ ਧੀਆਂ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ, ਦੋਵਾਂ ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ਵਿੱਚ ਉਸ ਕੋਲੋਂ 4,25,000 ਰੁਪਏ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੀਆਂ ਧੀਆਂ ਨੂੰ ਨੌਕਰੀ ਦਿਵਾਉਣ ਵਿੱਚ ਅਸਫ਼ਲ ਰਿਹਾ ਅਤੇ ਉਸ ਨੇ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਨਹੀਂ ਕੀਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਜਾਲਸ਼ਾਜ ਨਾਲ ਉਸ ਸਮੇਂ ਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਜਦੋਂ ਉਹ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਹਿੱਸੇ ਵਜੋਂ 25,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਰਿਕਾਰਡਿੰਗ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਾਬਤ ਹੋ ਗਿਆ ਕਿ ਉਕਤ ਸਾਬਕਾ ਸੈਨਿਕ ਨੇ ਸ਼ਿਕਾਇਤਕਰਤਾ ਪਾਸੋਂ ਉਪਰੋਕਤ ਮਕਸਦ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਉਪਰੰਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire