ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ
ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ
ਚੰਡੀਗੜ੍ਹ, 19 ਜੂਨ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।
ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ।
ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਹਰੇਕ ਲੈਣ-ਦੇਣ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ 13145 ਈ-ਪੀਓਐਸ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਈ-ਸ਼੍ਰਮ ਪੋਰਟਲ ‘ਤੇ 42 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ ਤਾਂ ਜੋ ਉਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭ ਲੈ ਸਕਣ।
ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਵਿਭਾਗ ਇਸ ਸਾਲ ਹੋਰ ਵੀ ਬਿਹਤਰ ਕਾਰਗੁਜ਼ਾਰੀ ਪੇਸ਼ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਸਮੂਹ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਹਾਜ਼ਰ ਸਨ