Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ
  • PublishedJune 22, 2024

ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ

ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ

ਹੁਸ਼ਿਆਰਪੁਰ, 22 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ ‘ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਤੋਂ ਤਿੰਨ ਦਿਨ ਇਸ ਘਰ ਵਿੱਚ ਰਹਿਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਇਹ ਘਰ ਦੋਆਬਾ ਅਤੇ ਮਾਝਾ ਖੇਤਰ ਦੇ ਵਾਸੀਆਂ ਲਈ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਖੇਤਰਾਂ ਦੇ ਵਸਨੀਕ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਇਸ ਕੈਂਪ ਦਫ਼ਤਰ ਵਿਖੇ ਆ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਅਤੇ ਫੌਰੀ ਨਿਪਟਾਰੇ ਲਈ ਇਸ ਕੈਂਪ ਹਾਊਸ ਵਿਖੇ ਲੋਕਾਂ ਨਾਲ ਨਿੱਜੀ ਤੌਰ ‘ਤੇ ਹਾਜ਼ਰ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਸਮਰਪਿਤ ਅਧਿਕਾਰੀ ਬੈਠ ਕੇ ਆਮ ਲੋਕਾਂ ਤੋਂ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਦਰਖਾਸਤਾਂ ਪ੍ਰਾਪਤ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਬਾਰੇ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਬਾਰੇ ਅਰਜ਼ੀਆਂ ਮੁੱਖ ਮੰਤਰੀ ਨੂੰ ਭੇਜੀਆਂ ਜਾਣਗੀਆਂ, ਜਿੱਥੋਂ ਛੇਤੀ ਹੱਲ ਲਈ ਇਨ੍ਹਾਂ ਨੂੰ ਅੱਗੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਡੈਸ਼ਬੋਰਡ’ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਜਨਤਾ ਦੇ ਨਿੱਤ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕੰਮ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Written By
The Punjab Wire