ਚੇਅਰਮੈਨ ਰਮਨ ਬਹਿਲ ਨੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ
ਗੁਰਦਾਸਪੁਰ, 26 ਜੂਨ 2024 (ਦੀ ਪੰਜਾਬ ਵਾਇਰ) । ਅੱਜ ‘ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ’ ਮੌਕੇ ਡਾ. ਰੁਪਿੰਦਰ’ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।
ਨਸ਼ਾ ਛਡਾਓ ਕੈਂਪ ਦੌਰਾਨ ਡਾਕਟਰ ਰੁਪਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਇਸਦੇ ਨਾਲ ਹੀ ਮਰੀਜ਼ਾਂ ਦੀ ਕਾਊਂਸਲਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ੇ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਇਸ ਕੁਰੀਤੀ ਨੂੰ ਰੋਕਿਆ ਜਾ ਸਕੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਨਾਲ ਨਿੱਜੀ ਨਸ਼ਾ ਛਡਾਓ ਕੇਂਦਰ ਵੀ ਨਸ਼ੇ ਛੁਡਾਉਣ ਵਿੱਚ ਬਹੁਤ ਵਧੀਆ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ‘ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ’ ਮੌਕੇ ਡਾ. ਰੁਪਿੰਦਰ’ਜ ਨਿਊਰੋ ਸਾਈਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ ਕਰਨਾ ਬਹੁਤ ਵਧੀਆ ਉਪਰਾਲਾ ਹੈ, ਜਿਸ ਲਈ ਉਹ ਡਾ. ਰੁਪਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਾਂਝੇ ਉਪਰਾਲਿਆਂ ਸਦਕਾ ਅਸੀਂ ਸਾਰੇ ਮਿਲ ਕੇ ਨਸ਼ੇ ਖ਼ਤਮ ਕਰਨ ਵਿੱਚ ਜ਼ਰੂਰ ਕਾਮਯਾਬ ਹੋਵਾਂਗੇ। ਇਸ ਮੌਕੇ ਪ੍ਰਬੰਧਕਾਂ ਵੱਲੋਂ ਚੇਅਰਮੈਨ ਸ੍ਰੀ ਰਮਨ ਬਹਿਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।