ਸ੍ਰੀ ਵਿਸ਼ੇਸ਼ ਸਾਰੰਗਲ 26 ਜੂਨ ਤੋਂ 2 ਜੁਲਾਈ 2024 ਤੱਕ ਛੁੱਟੀ ‘ਤੇ ਗਏ
ਗੁਰਦਾਸਪੁਰ, 26 ਜੂਨ 2024 ( ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਦੇ ਛੁੱਟੀ ਜਾਣ ਤੋਂ ਬਾਅਦ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਅੱਜ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. 26 ਜੂਨ ਤੋਂ 2 ਜੁਲਾਈ 2024 ਤੱਕ ਛੁੱਟੀ ‘ਤੇ ਗਏ ਹਨ।
ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਦਾ ਡਿਪਟੀ ਕਮਿਸ਼ਨਰ ਦਫ਼ਤਰ, ਗੁਰਦਾਸਪੁਰ ਪਹੁੰਚਣ ‘ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਅਤੇ ਡੀ.ਸੀ. ਦਫ਼ਤਰ ਦੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਨਾਲ ਸਮੇਂ ਸਿਰ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਰੋਜ਼ਮਰਾਂ ਦੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।