ਕਿਸਾਨਾਂ ਨੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਘਰ ਦੇ ਦਰਵਾਜ਼ੇ ’ਤੇ ਮੰਗ ਪੱਤਰ ਚਿਪਕਾਇਆ
ਗੁਰਦਾਸਪੁਰ, 8 ਜੁਲਾਈ 2024 (ਦੀ ਪੰਜਾਬ ਵਾਇਰ)। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਵਰਗੀਆਂ ਗੈਰ-ਸਿਆਸੀ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ। ਦੋਵਾਂ ਜਥੇਬੰਦੀਆਂ ਵੱਲੋਂ ਦੇਸ਼ ਭਰ ਦੇ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਲਈ ਤੈਅ ਕੀਤੇ ਗਏ ਪ੍ਰੋਗਰਾਮ ਤਹਿਤ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਮੰਗ ਪੱਤਰ ਚਿਪਕਾਇਆ ਗਿਆ।
ਸੂਬਾਈ ਆਗੂ ਸੁਰਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣਾ, ਮਨਰੇਗਾ ਸਕੀਮ ਤਹਿਤ 200 ਦਿਨ ਦਾ ਰੁਜ਼ਗਾਰ ਅਤੇ 700 ਰੁਪਏ ਦਿਹਾੜੀ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨਾ ਆਦਿ ਸ਼ਾਮਲ ਹਨ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਸੰਸਦ ਮੈਂਬਰਾਂ ਨੂੰ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਕਿਸਾਨ ਅੰਦੋਲਨ 2.0 ਵਿਚ ਕਿਸਾਨਾਂ ‘ਤੇ ਤਸ਼ੱਦਦ ਕਰਨ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਸੰਸਦ ਮੈਂਬਰਾਂ ਵਿਚ ਉਠਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਪੁਲੀਸ ਦੇ ਅੱਤਿਆਚਾਰ ਕਾਰਨ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਜਦੋਂ ਕਿ ਪੰਜ ਕਿਸਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਇਸ ਤੋਂ ਇਲਾਵਾ 433 ਕਿਸਾਨ ਜ਼ਖਮੀ ਹੋਏ ਹਨ। ਵਿਰੋਧੀ ਧੜੇ ਦੇ ਸੰਸਦ ਮੈਂਬਰਾਂ ਵੱਲੋਂ ਵੀ ਮਾਨਸੂਨ ਸੈਸ਼ਨ ਵਿੱਚ ਕਿਸਾਨਾਂ ਦੀਆਂ ਮੰਗਾਂ ’ਤੇ ਪ੍ਰਾਈਵੇਟ ਬਿੱਲ ਬਣਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧੜੇ ਦੇ ਸੰਸਦ ਮੈਂਬਰਾਂ ਨੇ ਸੰਸਦ ਵਿੱਚ ਆਵਾਜ਼ ਨਾ ਉਠਾਈ ਤਾਂ ਸਖ਼ਤ ਰੁਖ਼ ਅਪਣਾਇਆ ਜਾਵੇਗਾ। ਇਸ ਮੌਕੇ ਰਵਿੰਦਰ ਸਿੰਘ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਅਨੂਪ ਸਿੰਘ, ਕੁਲਜੀਤ ਸਿੰਘ, ਸਤਨਾਮ ਸਿੰਘ, ਬੀਬੀ ਸੁਖਦੇਵ ਕੌਰ, ਮਨਜਿੰਦਰ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ।