ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫ਼ੈਸਲਾਕੁਨ ਲੜਾਈ ਵਿੱਚ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ
ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਡੀ.ਆਈ.ਜੀ. ਕੌਸ਼ਲ
ਗੁਰਦਾਸਪੁਰ, 8 ਜੁਲਾਈ 2024 (ਦੀ ਪੰਜਾਬ ਵਾਇਰ )। ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਸ੍ਰੀ ਰਾਕੇਸ਼ ਕੌਸ਼ਲ ਵੱਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਿਸ ਦੇ ਅਧਿਕਾਰੀਆਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀ ਸੰਸਥਾਵਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਸਹਿਯੋਗ ਮੰਗਿਆ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਆਈ.ਜੀ., ਬਾਰਡਰ ਰੇਂਜ ਸ੍ਰੀ ਰਾਕੇਸ਼ ਕੌਸ਼ਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਸੂਬੇ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸਮਾਜ ਦੇ ਹਰ ਵਰਗ ਦਾ ਸਾਥ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਾਰਡਰ ਰੇਂਜ ਵਿੱਚ ਬੀਤੇ ਇੱਕ ਸਾਲ ਵਿੱਚ ਨਸ਼ਾ ਤਸਕਰਾਂ ਦੀ 30 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜੇਲ੍ਹ ਅੰਦਰ ਡੱਕਿਆ ਜਾ ਰਿਹਾ ਹੈ।
ਡੀ.ਆਈ.ਜੀ. ਸ੍ਰੀ ਰਾਕੇਸ਼ ਕੌਸ਼ਲ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਵੀ ਪੁਲਿਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਗਤੀਵਿਧੀਆਂ ਉੱਪਰ ਵੀ ਆਪਣੀ ਨਜ਼ਰ ਰੱਖਣ ਅਤੇ ਕੋਈ ਵੀ ਸੂਚਨਾ ਤੁਰੰਤ ਪੰਜਾਬ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਖੇਪ ਫੜਾਉਣ ਵਾਲੇ ਵਿਅਕਤੀ ਨੂੰ ਵਿਸ਼ੇਸ਼ ਇਨਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੁਲਿਸ ਦੀਆਂ ਅੱਖਾਂ, ਨੱਕ ਅਤੇ ਕੰਨ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਨਸ਼ੇ ਸਬੰਧੀ ਆਈ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਦੀ ਨਸ਼ੇ ਦੇ ਕੇਸਾਂ ਸਬੰਧੀ ਕਾਰਗੁਜ਼ਾਰੀ ਢਿੱਲੀ ਪਾਈ ਗਈ ਤਾਂ ਉਸ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਦੇ ਜਜ਼ਬੇ ਅਤੇ ਜੋਸ਼ ਦਾ ਕੋਈ ਜਵਾਬ ਨਹੀਂ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵੀ ਪੰਜਾਬੀ ਪੂਰੇ ਜਜ਼ਬੇ ਤੇ ਜੋਸ਼ ਨਾਲ ਸਰਕਾਰ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਓਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਏਗਾ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿਛਲੇ ਇੱਕ ਸਾਲ ਤੋਂ ‘ਮਿਸ਼ਨ ਨਿਸ਼ਚੇ’ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਲਦੀ ਹੀ ਮਿਸ਼ਨ ਨਿਸ਼ਚੇ ਤਹਿਤ ਸਰਹੱਦੀ ਪਿੰਡਾਂ ਵਿੱਚ ਫਿਰ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਨੰਬਰ 78145-45950 ਚਲਾਇਆ ਜਾ ਰਿਹਾ ਹੈ ਜਿਸ ਉੱਪਰ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਮੀਟਿੰਗ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਜਿਨ੍ਹਾਂ ਵਿੱਚ ਸ੍ਰੀ ਰੋਮੇਸ਼ ਮਹਾਜਨ, ਡਾ. ਪੰਨੂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਮੁਹਤਬਰਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਆਪਣੇ ਕੀਮਤੀ ਸੁਝਾਅ ਅਤੇ ਫੀਡਬੈਕ ਦਿੱਤੀ। ਇਸਦੇ ਨਾਲ ਹੀ ਸਾਰਿਆਂ ਨੇ ਇਹ ਭਰੋਸਾ ਦਿਵਾਇਆ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਤਰ੍ਹਾਂ ਨਾਲ ਸਾਥ ਦੇਣਗੇ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਅਪੀਲ ਕੀਤੀ।