ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ ਹੋਇਆ : ਵਿਧਾਇਕ ਅਮਰਪਾਲ ਸਿੰਘ

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ ਹੋਇਆ : ਵਿਧਾਇਕ ਅਮਰਪਾਲ ਸਿੰਘ
  • PublishedJuly 10, 2024

ਗੁਰਦਾਸਪੁਰ, 10 ਜੁਲਾਈ 2024 (ਦੀ ਪੰਜਾਬ ਵਾਇਰ )। ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
  
ਇਸ ਸਬੰਧੀ ਗੱਲ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ’ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖ਼ਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।

Written By
The Punjab Wire