ਪੰਜਾਬ ਮੁੱਖ ਖ਼ਬਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ
  • PublishedJuly 11, 2024

ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼

ਚੰਡੀਗੜ੍ਹ, 11 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਦੇ ਪਿੰਡਾਂ ਵਿੱਚ ਸਥਿਤ ਹੱਡਾ-ਰੋੜੀਆਂ ਦੇ ਢੁਕਵੇਂ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਪੇਂਡੂ ਖੇਤਰਾਂ ਵਿੱਚ ਜਨਤਕ ਸਿਹਤ, ਸਾਫ਼-ਸਫ਼ਾਈ ਅਤੇ ਸਰਕਾਰੀ ਜ਼ਮੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਮਨਸ਼ੇ ਨਾਲ ਕੈਬਨਿਟ ਮੰਤਰੀ ਨੇ ਪੰਚਾਇਤ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਆਪਣੇ ਅਧਿਕਾਰ-ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਹੱਡਾ-ਰੋੜੀਆਂ ਲਈ ਨਿਰਧਾਰਤ ਥਾਵਾਂ ਦੀ ਸ਼ਨਾਖ਼ਤ ਅਤੇ ਨਿਸ਼ਾਨਦੇਹੀ ਕਰਨ ਲਈ ਵੀ ਕਿਹਾ।

ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਮੁਰਦਾ ਪਸ਼ੂਆਂ ਦੇ ਢੁਕਵੇਂ ਨਿਪਟਾਰੇ ਲਈ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਇਸ ਸਬੰਧੀ ਵਿਸਥਾਰਤ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਕੀਤੇ ਗਏ ਦੌਰਿਆਂ ਦੌਰਾਨ ਇਹ ਪਾਇਆ ਗਿਆ ਕਿ ਮੁਰਦਾ ਪਸ਼ੂਆਂ ਦੇ ਨਿਪਟਾਰੇ ਲਈ ਨਿਰਧਾਰਤ ਥਾਵਾਂ ਅਣਵਰਤੀਆਂ ਛੱਡੀਆਂ ਗਈਆਂ ਹਨ ਅਤੇ ਇਨ੍ਹਾਂ ਥਾਵਾਂ ‘ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਕਾਰਨ ਪਸ਼ੂ ਪਾਲਕਾਂ ਵੱਲੋਂ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਪਸ਼ੂਆਂ ਨੂੰ ਸੜਕਾਂ ਤੇ ਨਹਿਰਾਂ ਕਿਨਾਰੇ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਹੀ ਸੁੱਟ ਦਿੱਤਾ ਜਾਂਦਾ ਹੈ ਜਿਸ ਕਰਕੇ ਇਨ੍ਹਾਂ ਦੀ ਬਦਬੂ ਲੋਕਾਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ ਅਤੇ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਨ੍ਹਾਂ ਥਾਵਾਂ ‘ਤੇ ਰਹਿੰਦੇ ਖੂੰਖਾਰ ਆਵਾਰਾ ਕੁੱਤੇ ਰਾਹਗੀਰਾਂ ਅਤੇ ਬੱਚਿਆਂ ਲਈ ਜਾਨ ਦਾ ਖੌਅ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਹੱਡਾ-ਰੋੜੀਆਂ, ਜੋ ਸੰਘਣੀ ਆਬਾਦੀ ਵਿੱਚ ਆ ਜਾਣ ਕਾਰਨ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ, ਉਨ੍ਹਾਂ ਪਿੰਡਾਂ ਲਈ ਵਿਭਾਗ ਦੇ ਅਧਿਕਾਰੀ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਗ਼ੈਰ-ਵਾਹੀਯੋਗ ਸ਼ਾਮਲਾਤ ਜ਼ਮੀਨਾਂ ਵਿੱਚੋਂ ਥਾਂ ਮੁਹੱਈਆ ਕਰਵਾ ਕੇ ਆਬਾਦੀ ਦੇਹ ਤੋਂ ਬਾਹਰ ਕੱਢਣ ਲਈ ਉਚੇਚਾ ਬੰਦੋਬਸਤ ਕਰਨ ਅਤੇ ਇਸ ਮੰਤਵ ਲਈ ਪੁਰਾਣੀ ਅਲਾਟ ਕੀਤੀ ਗਈ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਤਜਵੀਜ਼ ਪੇਸ਼ ਕਰਨ।

ਸ. ਭੁੱਲਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਵੱਛਤਾ, ਜਨਤਕ ਸਿਹਤ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਮੁਰਦਾ ਪਸ਼ੂਆਂ ਦੇ ਨਿਪਟਾਰੇ ਦਾ ਢੁਕਵਾਂ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਸੂਬੇ ਭਰ ਦੇ ਪਿੰਡਾਂ ਵਿੱਚ ਇਸ ਜ਼ਰੂਰੀ ਕਾਰਜ ਲਈ ਨਿਰਧਾਰਤ ਤੇ ਸੁਚੱਜੀ ਸਾਂਭ-ਸੰਭਾਲ ਵਾਲੀਆਂ ਥਾਵਾਂ ਉਪਲਬਧ ਹੋਣਗੀਆਂ ਅਤੇ ਨਾਲ-ਨਾਲ ਪੇਂਡੂ ਖੇਤਰ ਦੇ ਵਸਨੀਕਾਂ ਦੀਆਂ ਚਿੰਤਾਵਾਂ ਵੀ ਦੂਰ ਹੋਣਗੀਆਂ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਪਿੰਡਾਂ ਵਿੱਚ ਸਫ਼ਾਈ ਅਤੇ ਲੋਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਹਦਾਇਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਦੇ ਲਾਗੂਕਰਨ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Written By
The Punjab Wire